ਨਗਰ ਕੀਰਤਨ ਅੱਜ, 23 ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ –ਭਾਈ ਲੌਂਗੋਵਾਲ

ਸੁਲਤਾਨਪੁਰ ਲੋਧੀ, 21 ਨਵੰਬਰ-
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੪੯ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਗਮਾਂ ਦੀ ਆਰੰਭਤਾ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ, ਜਿਸ ਤਹਿਤ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਦੱਸਣਯੋਗ ਹੈ ਕਿ ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮ ਅਗਲੇ ਸਾਲ ਮਨਾਏ ਜਾਣ ਵਾਲੇ ੫੫੦ ਸਾਲਾ ਪ੍ਰਕਾਸ਼ ਪੁਰਬ ਦੀ ਆਰੰਭਤਾ ਵਜੋਂ ਵਿਸ਼ਾਲ ਪੱਧਰ ‘ਤੇ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ। ਬੇਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਮਾਗਮ ੨੩ ਨਵੰਬਰ ਨੂੰ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕੀਤਾ ਜਾਣਾ ਹੈ ਪਰੰਤੂ ਇਸ ਦੀਆਂ ਅਗਾਊਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਵਿਸ਼ੇਸ਼ ਰੁਚੀ ਦਿਖਾਈ ਜਾ ਰਹੀ ਹੈ। ਭਾਈ ਲੌਂਗੋਵਾਲ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਾਹਿਬ ਵਿਖੇ ਪਹੁੰਚੇ ਅਤੇ ਉਨ੍ਹਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਮਗਰੋਂ ਸਮੁੱਚੇ ਸਮਾਗਮਾਂ ਦੇ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਨਿਰਦੇਸ਼ ਦਿੱਤੇ।
ਇਸੇ ਦੌਰਾਨ ਭਾਈ ਲੌਂਗੋਵਾਲ ਨੇ ੨੩ ਨਵੰਬਰ ਨੂੰ ਕਰਵਾਏ ਜਾਣ ਵਾਲੇ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਦੇ ਸੀਨੀਅਰ ਆਗੂਆਂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਇਕੱਤਰਤਾ ਕੀਤੀ। ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਮਾਗਮਾਂ ਸਮੇਂ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਨਿਰਦੇਸ਼ ਦਿੱਤੇ ਅਤੇ ਵੱਖ-ਵੱਖ ਕਾਰਜਾਂ ਲਈ ਡਿਊਟੀਆਂ ਵੀ ਲਗਾਈਆਂ। ਮੀਟਿੰਗ ਮਗਰੋਂ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਆਰੰਭਤਾ ਸਮਾਗਮ ਜੋ ਇਸ ਸਾਲ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੇ ਜਾ ਰਹੇ ਹਨ, ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ੨੩ ਨਵੰਬਰ ਦੇ ਮੁੱਖ ਸਮਾਗਮ ਵਿਚ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਤੋਂ ਇਲਾਵਾ ਕੇਂਦਰੀ ਮੰਤਰੀ ਅਤੇ ਵੱਖ-ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਸ਼ਮੂਲੀਅਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਦੁਪਹਿਰ ੧੨:੦੦ ਵਜੇ ਤੋਂ ਲੈ ਕੇ ੪:੦੦ ਵਜੇ ਤੱਕ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸੇ ਸਮਾਗਮ ਦੌਰਾਨ ਹੀ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਸੋਨੇ ਅਤੇ ਚਾਂਦੀ ਦੇ ਸਿੱਕੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਪ੍ਰਬੰਧਾਂ ਲਈ ਲਗਾ ਦਿੱਤਾ ਗਿਆ ਹੈ ਤਾਂ ਜੋ ਸੰਗਤ ਲਈ ਹਰ ਤਰ੍ਹਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਜਾ ਸਕਣ।
ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਅੰਤ੍ਰਿੰਗ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਤਾਰਾ ਸਿੰਘ ਸੱਲਾ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਕੁਲਵੰਤ ਸਿੰਘ ਮੰਨਣ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਰਣਜੀਤ ਸਿੰਘ ਕਾਹਲੋਂ, ਸ. ਰਵਿੰਦਰ ਸਿੰਘ ਚੱਕ, ਸ. ਪਰਮਜੀਤ ਸਿੰਘ ਰਾਏਪੁਰ, ਸ. ਸਰਵਣ ਸਿੰਘ ਕੁਲਾਰ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਸੁਖਵਰਸ਼ ਸਿੰਘ ਪੰਨੂੰ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਬਲਵਿੰਦਰ ਸਿੰਘ ਭੰਬਾਲੰਡਾ, ਸ. ਗੁਰਨਾਮ ਸਿੰਘ ਜੱਸਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਚਾਨਣ ਸਿੰਘ, ਸ. ਜਰਨੈਲ ਸਿੰਘ ਮੈਨੇਜਰ, ਇੰਜੀਨੀਅਰ ਸਵਰਣ ਸਿੰਘ ਆਦਿ ਮੌਜੂਦ ਸਨ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਫੁੱਲਾਂ ਦੀ ਅਲੌਕਿਕ ਸਜ਼ਾਵਟ

ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਫੁੱਲਾਂ ਦੀ ਅਲੌਕਿਕ ਸਜਾਵਟ ਕੀਤੀ ਗਈ ਹੈ। ਸਮੁੱਚੇ ਦਰਬਾਰ ਹਾਲ ਨੂੰ ਵੱਖ-ਵੱਖ ਤਰ੍ਹਾਂ ਦੇ ਦੇਸੀ-ਵਿਦੇਸ਼ੀ ਫੁੱਲਾਂ ਦੀਆਂ ਲੜੀਆਂ ਨਾਲ ਸਜਾਇਆ ਗਿਆ ਹੈ। ਸੰਗਤ ਵੱਲੋਂ ਫੁੱਲਾਂ ਦੀ ਸਜਾਵਟ ਵਿਚ ਭਰਪੂਰ ਹਿੱਸਾ ਪਾਇਆ ਜਾ ਰਿਹਾ ਹੈ ਅਤੇ ਉਹ ਬੀਤੇ ਕੱਲ੍ਹ ਤੋਂ ਹੀ ਇਸ ਕਾਰਜ ਵਿਚ ਜੁਟੀਆਂ ਹੋਈਆਂ ਹਨ। ਇਸ ਤੋਂ ਇਲਾਵਾ ਮੁੱਖ ਸਮਾਗਮ ਵਾਲੇ ਅਸਥਾਨ ਭਾਈ ਮਰਦਾਨਾ ਜੀ ਦੀਵਾਨ ਹਾਲ ਨੂੰ ਵੀ ਖੂਬਸੂਰਤ ਫੁੱਲਾਂ ਨਾਲ ਸ਼ਿੰਗਾਰਿਆ ਜਾ ਰਿਹਾ ਹੈ, ਜਿਥੇ ਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨੇ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਸਮੂਹ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਜਾਇਆ ਗਿਆ ਹੈ ਅਤੇ ਆਲੇ-ਦੁਆਲੇ ਦੇ ਬਜ਼ਾਰਾਂ ਵਿਚ ਵੀ ਸਵਾਗਤੀ ਲੜੀਆਂ ਲਗਾਈਆਂ ਗਈਆਂ ਹਨ। ਗੁਰਦੁਆਰਾ ਸਾਹਿਬ ਨੂੰ ਵੀ ਸੁੰਦਰ ਦੀਪਮਾਲਾ ਨਾਲ ਸ਼ਿੰਗਾਰਿਆ ਜਾ ਰਿਹਾ ਹੈ, ਜੋ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇਗੀ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ

ਗੁਰਦੁਆਰਾ ਸ੍ਰੀ ਬੇਰ ਸਾਹਿਬ ਜਿਥੇ ਅੱਜ ਵੱਖ-ਵੱਖ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ, ਵਿਖੇ ੨੪ ਨਵੰਬਰ ਤੱਕ ਲਗਾਤਾਰ ਸਮਾਗਮ ਜਾਰੀ ਰਹਿਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਭਲਕੇ ੨੨ ਨਵੰਬਰ ਨੂੰ ਗੁਰਦੁਆਰਾ ਸ੍ਰੀ ਸੰਤ ਘਾਟ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੰਨ ਹੋਵੇਗਾ। ਨਗਰ ਕੀਰਤਨ ਦੀ ਸੰਪੂਰਣਾ ਮਗਰੋਂ ਸ਼ਾਮ ੫:੦੦ ਵਜੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਸਮਾਗਮ ਆਰੰਭ ਹੋਣਗੇ, ਜੋ ਸਾਰੀ ਰਾਤ ਨਿਰੰਤਰ ਜਾਰੀ ਰਹਿਣਗੇ। ਇਨ੍ਹਾਂ ਸਮਾਗਮਾਂ ਵਿਚ ਸ਼ਬਦ ਕੀਰਤਨ, ਢਾਡੀ ਕਵੀਸ਼ਰੀ ਦਰਬਾਰ ਅਤੇ ਕਵੀ ਦਰਬਾਰ ਹੋਣਗੇ। ੨੩ ਨਵੰਬਰ ਦੀ ਸਵੇਰ ਤੋਂ ਦੁਪਹਿਰ ੧੨:੦੦ ਵਜੇ ਤੱਕ ਵੀ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਹਾਜ਼ਰੀ ਭਰਨਗੇ, ਜਦਕਿ ਦੁਪਹਿਰ ੧੨:੦੦ ਵਜੇ ਤੋਂ ਲੈ ਕੇ ਸ਼ਾਮ ੪:੦੦ ਵਜੇ ਤੱਕ ਮੁੱਖ ਸਮਾਗਮ ਹੋਵੇਗਾ। ਇਨ੍ਹਾਂ ਸਮਾਗਮਾਂ ਦੌਰਾਨ ਹੀ ਪ੍ਰਮੁੱਖ ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ ਦੇ ਨੁਮਾਇੰਦੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ੨੩ ਨਵੰਬਰ ਰਾਤ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਜਾਵੇਗੀ ਅਤੇ ਰਾਗਾਂ ‘ਤੇ ਅਧਾਰਿਤ ਕੀਰਤਨ ਦਰਬਾਰ ਹੋਵੇਗਾ। ਰਾਤ ੧:੪੦ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਭਲਕੇ ੨੨ ਨਵੰਬਰ ਨੂੰ ਸਵੇਰੇ ੯:੦੦ ਵਜੇ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਦੇ ਗੁੰਬਦ ‘ਤੇ ਸੋਨੇ ਦਾ ਕਲਸ ਚੜ੍ਹਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹਿਣਗੀਆਂ।ਇਸ ਦੀ ਕਾਰ ਸੇਵਾ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਹੈ।