ਅੰਮ੍ਰਿਤਸਰ 16 ਮਾਰਚ (           ) – ਸਰਕਾਰੀ ਬਿਕਰਮ ਕਾਲਜ ਆਫ ਕਾਮਰਸ ਪਟਿਆਲਾ ਦੀ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਕਾਲਜ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਰੱਖਣ ਦੀ ਇਜ਼ਾਜਤ ਨਾ ਦੇਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਨ੍ਹਾਂ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਆਪਣਾ ਪ੍ਰਤੀਕਰਮ ਦਿੰਦਿਆਂ ਹੋਇਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਲਈ ਰਾਹ-ਦਸੇਰਾ ਹਨ ਅਤੇ ਸਭ ਧਰਮਾਂ ਲਈ ਸਤਿਕਾਰਤ ਵੀ ਹਨ, ਪਰ ਪਟਿਆਲਾ ਸਥਿਤ ਸਰਕਾਰੀ ਕਾਲਜ ਦੀ ਇਸ ਪ੍ਰਿੰਸੀਪਲ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਰੱਖਣ ਦੀ ਸਖਤ ਵਿਰੋਧਤਾ ਕਰਨ ਦਾ ਅੜੀਅਲ ਵਤੀਰਾ ਅਤਿ ਨਿੰਦਣਯੋਗ ਹੈ। ਵਿਦਿਆਰਥੀਆਂ ਨੂੰ ਜੀਵਨ-ਜਾਚ ਸਬੰਧੀ ਮਾਰਗ ਦਰਸ਼ਨ ਕਰਨ ਲਈ ਗੁਰਬਾਣੀ ਦਾ ਪਾਵਨ ਉਪਦੇਸ਼ ਵੱਡੀ ਮਹੱਤਤਾ ਰੱਖਦਾ ਹੈ ਇਸ ਲਈ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਤੇ ਅਧਿਆਪਕਾਂ ਲਈ ਅਜਿਹੀ ਸੋਚ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸ ਦੀ ਪੜਤਾਲ ਕਰਵਾਈ ਜਾਵੇਗੀ, ਜਿਸ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪਰਨਾਮ ਸਿੰਘ, ਪ੍ਰਚਾਰਕ ਭਾਈ ਸੁਖਬੀਰ ਸਿੰਘ ਤੇ ਭਾਈ ਲਖਵਿੰਦਰ ਸਿੰਘ ਅਤੇ ਸ. ਭਗਵੰਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਅਧਾਰਤ ਸਬ-ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਪ੍ਰਾਪਤ ਕਰਨ ਤੋਂ ਬਾਅਦ ਅਗਲੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ।