ਸਿੱਖਾਂ ਦੇ ਅਹਿਮ ਮਸਲਿਆਂ ਦੇ ਹੱਲ ਦੀ ਕੀਤੀ ਮੰਗ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ। ਉਨ੍ਹਾਂ ਨਾਲ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਸ. ਹਰਚਰਨ ਸਿੰਘ ਤੇ ਐਡੀਸ਼ਨਲ ਸਕੱਤਰ ਡਾ. ਪਰਮਜੀਤ ਸਿੰਘ ਸਰੋਆ।

ਅੰਮ੍ਰਿਤਸਰ, 16 ਮਈ- ਚਿਰਾਂ ਤੋਂ ਲਟਕਦੇ ਆ ਰਹੇ ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇਕ ਵਫਦ ਨੇ ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨਾਲ ਅੱਜ ਮੁਲਾਕਾਤ ਕੀਤੀ। ਇਸ ਮੌਕੇ ਪ੍ਰੋ: ਬਡੂੰਗਰ ਵੱਲੋਂ ਰਾਸ਼ਟਰਪਤੀ ਕੋਲ ਸਿੱਖ ਕੈਦੀਆਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਤੀ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਵਾਪਸ ਕਰਨ, ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ, ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਆਦਿ ਗੰਭੀਰ ਮਸਲੇ ਉਠਾਏ ਗਏ ਹਨ।
ਮੁਲਾਕਾਤ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਬਹੁਤ ਸਾਰੇ ਸਿੱਖ ਕੈਦੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾ ਜੇਲ੍ਹਾਂ ‘ਚ ਹੀ ਗੁਜ਼ਾਰ ਦਿੱਤਾ ਹੈ ਪਰੰਤੂ ਉਨ੍ਹਾਂ ਦੇ ਕੇਸਾਂ ਦਾ ਅਜੇ ਤੀਕ ਨਿਪਟਾਰਾ ਨਹੀਂ ਹੋਇਆ। ਇਨ੍ਹਾਂ ਵਿਚੋਂ ਇੱਕ ਅਹਿਮ ਕੇਸ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਵੀ ਹੈ ਜੋ ਪਿਛਲੇ ੨੧ ਸਾਲਾਂ ਤੋਂ ਜੇਲ੍ਹ ਵਿਚ ਕੈਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੇ ਕੇਸ ਦਾ ਜਲਦੀ ਨਿਪਟਾਰਾ ਕਰਨ ਦੀ ਮਾਨਯੋਗ ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਹੈ। ਉਠਾਏ ਗਏ ਹੋਰ ਮਸਲਿਆਂ ਸਬੰਧੀ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਜਗ੍ਹਾ ਜਗ੍ਹਾ ਹੋ ਰਹੀ ਹੈ, ਜਿਨ੍ਹਾਂ ਦੇ ਦੋਸ਼ੀ ਅਜੇ ਤੀਕ ਨਹੀਂ ਫੜੇ ਗਏ ਅਤੇ ਨਾ ਹੀ ਬੇਅਦਬੀ ਦੀਆਂ ਘਟਨਾਵਾਂ ਰੁਕ ਰਹੀਆਂ ਹਨ। ਇਸ ਲਈ ਦੇਸ਼ ਦੀਆਂ ਖੁਫੀਆ ਏਜੰਸੀਆਂ ਰਾਹੀਂ ਦੋਸ਼ੀਆਂ ਦਾ ਪਤਾ ਲਗਾ ਕੇ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਤਰਾਖੰਡ ‘ਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ (ਹਰਿ ਕੀ ਪੌੜੀ) ਹਰਿਦੁਆਰ ਜੋ ੧੯੭੯ ਤੀਕ ਉਥੇ ਮੌਜੂਦ ਸੀ ਨੂੰ ਉਥੋਂ ਦੀ ਸਰਕਾਰ ਨੇ ਸੁੰਦਰੀਕਰਨ ਦੇ ਨਾਮ ‘ਤੇ ਢਾਹ ਦਿੱਤਾ ਸੀ। ਉਸ ਸਮੇਂ ਤੋਂ ਹੀ ਸਮੁੱਚੇ ਸਿੱਖ ਗੁਰਦੁਆਰਾ ਸਾਹਿਬ ਦੀ ਮੁੜ ਸਥਾਪਤੀ ਲਈ ਯਤਨ ਕਰ ਰਹੇ ਹਨ। ਇਸ ਮਸਲੇ ‘ਤੇ ਹੋ ਰਹੀ ਦੇਰੀ ਕਾਰਨ ਸਮੁੱਚੇ ਸਿੱਖ ਜਗਤ ਵਿਚ ਰੋਸ ਹੈ। ਇਸ ਲਈ ਬਿਨਾਂ ਦੇਰੀ ਇਸ ਗੁਰਦੁਆਰਾ ਸਾਹਿਬ ਨੂੰ ਮੁੜ ਸਥਾਪਤ ਕਰਵਾਉਣ ਸਬੰਧਤ ਸਰਕਾਰ ਨੂੰ ਆਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਇਸੇ ਤਰ੍ਹਾਂ ਸੂਬਾ ਮੱਧ ਪ੍ਰਦੇਸ਼ ‘ਚ ਵਸਦੇ ਸਿਕਲੀਗਰ ਸਿੱਖ ਭਾਈਚਾਰੇ ਨੂੰ ਉਥੋਂ ਦੀ ਪੁਲੀਸ ਵੱਲੋਂ ਕਾਫ਼ੀ ਤੰਗ ਪ੍ਰੇਸ਼ਾਨ ਕਰ ਕੇ ਉਨ੍ਹਾਂ ਤੇ ਨਜ਼ਾਇਜ ਕੇਸ ਦਰਜ ਕਰਨ ਦਾ ਮਸਲਾ ਵੀ ਰਾਸ਼ਟਰਪਤੀ ਪਾਸ ਰੱਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਅਹਿਮ ਮਸਲਾ ਵੀ ਰਾਸ਼ਟਰਪਤੀ ਪਾਸ ਉਠਾਇਆ ਗਿਆ ਹੈ। ਇਸ ਤੋਂ ਇਲਾਵਾ ੧੯੮੪ ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਜ਼ਬਤ ਕੀਤੇ ਕੀਮਤੀ ਸਾਹਿਤ ਅਤੇ ਸਿੱਖ ਨਿਸ਼ਾਨੀਆਂ ਵਾਪਸ ਕਰਨ ਦੀ ਮੰਗ ਵੀ ਕੀਤੀ ਗਈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਮਾਨਯੋਗ ਰਾਸ਼ਟਰਪਤੀ ਨੇ ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਨ ਉਪਰੰਤ ਇਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਹੈ।
ਇਸ ਮੌਕੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਨਾਲ ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਸ. ਸੁਰਜੀਤ ਸਿੰਘ ਭਿੱਟੇਵੱਡ ਅੰਤ੍ਰਿੰਗ ਮੈਂਬਰ, ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਪਰਮਜੀਤ ਸਿੰਘ ਸਰੋਆ ਐਡੀ: ਸਕੱਤਰ ਮੌਜੂਦ ਸਨ।