sਅੰਮ੍ਰਿਤਸਰ 8 ਦਸੰਬਰ (       ) ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਅੰਮ੍ਰਿਤਸਰ ਅਤੇ ਰੂਪਨਗਰ ਦੇ ਨੂਰਪੁਰ ਬੇਦੀ ਨੇੜਲੇ ਪਿੰਡ ਸਮੀਰੋਵਾਲ ‘ਚ ਸ੍ਰੀ ਸੁਖਮਨੀ ਸਾਹਿਬ ਦੀ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬਾਨ ਦੀ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਕਰਨ ‘ਤੇ ਡੂੰਘਾ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਅੰਮ੍ਰਿਤਸਰ ਦੇ ਈਸਟ ਮੋਹਨ ਨਗਰ ਇਲਾਕੇ ਵਿੱਚ ਛੋਟੇ ਬੱਚਿਆਂ ਵੱਲੋਂ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਪੰਨਿਆਂ ਨੂੰ ਗਲੀਆਂ ਵਿੱਚ ਖਿਲਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਇਸੇ ਤਰ੍ਹਾਂ ਨੂਰਪੁਰ ਬੇਦੀ ਨੇੜਲੇ ਪਿੰਡ ਸਮੀਰੋਵਾਲ ਵਿੱਚ ਵੀ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਤੋਂ ਕੁਝ ਦੂਰੀ ਤੇ ਪਾਵਨ ਬਾਣੀ ਦੇ ਪੰਨੇ ਖਿਲਰੇ ਮਿਲੇ ਹਨ।ਜੋ ਸ਼ਰਾਰਤੀ ਅਨਸਰਾਂ ਦੀ ਕੋਝੀ ਸਾਜਿਸ਼ ਹੈ ਕਿ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਲਾਂਬੂ ਲਾਇਆ ਜਾ ਸਕੇ ਅਤੇ ਆਪਸੀ ਫਿਰਕਿਆਂ ਦੇ ਮੇਲ-ਮਿਲਾਪ ਵਿੱਚ ਵੀ ਫਿਰਕੂ ਜ਼ਹਿਰ ਭਰਿਆ ਜਾ ਸਕੇ।ਉਨ੍ਹਾਂ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਦਾ ਤੁਰੰਤ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖ਼ਤ ਧਾਰਾਵਾਂ ਹੇਠ ਮਾਮਲੇ ਦਰਜ ਕੀਤੇ ਜਾਣ।
ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਗੁਰੂ–ਘਰਾਂ ਦਾ ਪੂਰਾ ਖਿਆਲ ਰੱਖਣ ਅਤੇ ਅਜਿਹੀਆਂ ਹਿਰਦੇ ਵੇਦਕ ਘਟਨਾਵਾਂ ਨੂੰ ਰੋਕਣ ਲਈ ਖੁਦ ਅੱਗੇ ਆਉਣ ਅਤੇ ਪ੍ਰਸ਼ਾਸਨ ਦਾ ਸਾਥ ਵੀ ਦੇਣ।