ਅੰਮ੍ਰਿਤਸਰ 16 ਮਾਰਚ (           ) –
ਮੋਹਾਲੀ ਦੇ ਸੁਹਾਣੀ ਇਲਾਕੇ ਵਿੱਚ ਖਾਣਾ ਖਾਣ ਵਾਲੀਆ ਡਿਸਪੋਜਲ ਪਲੇਟਾਂ ਤੇ ਗੁਰਬਾਣੀ ਦਾ ਪ੍ਰਿੰਟ ਕੱਢਣ ਅਤੇ ਗੁਰੂ ਸਾਹਿਬਾਨਾਂ ਦੀਆਂ ਫੋਟੋਆ ਛਾਪ ਕੇ ਮਾਰਕੀਟ ਵਿੱਚ ਉਤਾਰਨ ਵਾਲੀ ਲਕਸ਼ਮੀ ਟਰੇਡਰਜ਼ ਨਾਮਕ ਦੁਕਾਨ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੀਤਾ।

ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੁਝ ਪੰਥ ਦੋਖੀ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਕਿਸੇ ਨਾ ਕਿਸੇ ਢੰਗ ਨਾਲ ਖ਼ਰਾਬ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ, ਜੋ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨੌਣੀ ਕਾਰਵਾਈ ਨਾਲ ਦੇਸ਼-ਵਿਦੇਸ਼ ਵਿੱਚ ਬੈਠੀ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਦੀ ਪਛਾਣ ਕਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਸ. ਅਜਮੇਰ ਸਿੰਘ ਖੇੜਾ ਤੇ ਬੀਬੀ ਪਰਮਜੀਤ ਕੌਰ ਲਾਂਡਰਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਕੋਆਰਡੀਨੇਟਰ ਸ. ਜਗੀਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨੂੰ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਕਮੇਟੀ ਇਸ ਮਾਮਲੇ ਸਬੰਧੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਆਪਣੀ ਰਿਪੋਰਟ ਸੌਂਪੇਗੀ ਜਿਸ ਉਪਰੰਤ ਦੋਸ਼ੀ ਪਾਏ ਜਾਣ ਵਾਲਿਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।