ਅੰਮ੍ਰਿਤਸਰ 28 ਮਾਰਚ (           ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਸ. ਗੁਰਦੇਵ ਸਿੰਘ ਬਾਦਲ ਨੇ ਵਡਮੁੱਲਾ ਯੋਗਦਾਨ ਪਾਇਆ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ।ਪ੍ਰੋ.ਬਡੂੰਗਰ ਨੇ ਆਖਿਆ ਕਿ ਪੰਜਾਬ ਦੀ ਸਿਆਸਤ ਵਿੱਚ ਲੰਮਾ ਸਮਾਂ ਵਿਚਰੇ ਸਾਬਕਾ ਕੈਬਨਿਟ ਮੰਤਰੀ ਸ. ਗੁਰਦੇਵ ਸਿੰਘ ਬਾਦਲ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਨਿਰੰਤਰ ਕਾਰਜਸ਼ੀਲ ਰਹੇ ਹਨ।ਉਹ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਭਾਈਵਾਲ ਰਹਿੰਦੇ ਸਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਹੱਕਾਂ-ਹਿੱਤਾਂ ਲਈ ਉਨ੍ਹਾਂ ਨੇ ਵੱਧ ਚੜ੍ਹ ਕੇ ਹਿੱਸਾ ਪਾਇਆ।ਅਜਿਹੇ ਲੋਕ ਆਗੂ ਦੇ ਅਕਾਲ ਚਲਾਣਾ ਕਰ ਜਾਣ ਨਾਲ ਪੰਜਾਬ ਇਕ ਤਜ਼ਰਬੇਕਾਰ ਅਤੇ ਲੋਕ ਭਾਵਨਾਵਾਂ ਨੂੰ ਸਮਝਣ ਵਾਲੇ ਆਗੂ ਤੋਂ ਵਿਰਵਾ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਪਰਮਾਤਮਾ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ।ਉਨ੍ਹਾਂ ਸ.ਬਾਦਲ ਦੇ ਪਰਿਵਾਰ ਨਾਲ ਦਿਲੀ ਦੁੱਖ ਦਾ ਪ੍ਰਗਟਾਵਾ ਵੀ ਕੀਤਾ।
ਸ. ਗੁਰਦੇਵ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿਟੇਵਡ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਨੇ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।