ਸਾਰਾਗੜ੍ਹੀ ਦੇ ਮਹਾਨ 21 ਸਿੱਖ ਸ਼ਹੀਦਾਂ ਦਾ ਇਤਿਹਾਸ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ -ਪ੍ਰੋ: ਕਿਰਪਾਲ ਸਿੰਘ ਬਡੂੰਗਰ

ਸਾਰਾਗੜ੍ਹੀ ਸਰਾਂ ਦਾ ਉਦਘਾਟਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ। ਉਨ੍ਹਾਂ ਨਾਲ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ. ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ ਤੇ ਹੋਰ।

ਸਾਰਾਗੜ੍ਹੀ ਸਰਾਂ ਦੇ ਉਦਘਾਟਨ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ।

ਅੰਮ੍ਰਿਤਸਰ, 18 ਅਪ੍ਰੈਲ–  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਸਾਰਾਗੜ੍ਹੀ ਸਰਾਂ (ਨਿਵਾਸ) ਦਾ ਉਦਘਾਟਨ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ: ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਇਸ ਤੋਂ ਪਹਿਲਾਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਦੌਰਾਨ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।
ਉਦਘਾਟਨ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੰਗਤਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਰਾਂ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਸੀ ਅਤੇ ਸਤਿਗੁਰੂ ਜੀ ਦੀ ਬਖਸ਼ਿਸ਼ ਨਾਲ ਮੁਕੰਮਲ ਹੋਣ ਉਪਰੰਤ ਅੱਜ ਇਹ ਸਰਾਂ ਸੰਗਤ ਦੀ ਸਹੂਲਤ ਲਈ ਆਰੰਭ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਹਰ ਧਰਮ ਦੀ ਆਪਣੀ ਮਰਯਾਦਾ ਹੈ ਅਤੇ ਗੁਰੂ ਘਰ ਦੀ ਵਿਲੱਖਣਤਾ ਇਹ ਹੈ ਕਿ ਇਥੋਂ ਜਿਥੇ ਮਨੁੱਖ ਨੂੰ ਸੁਚੱਜੀ ਜੀਵਨ ਜਾਚ ਪ੍ਰਾਪਤ ਹੁੰਦੀ ਹੈ, ਉਥੇ ਹੀ ਲੰਗਰ, ਦਵਾਖਾਨਾ ਤੇ ਰਿਹਾਇਸ਼ ਦੀਆਂ ਸਹੂਲਤਾਂ ਵੀ ਮਿਲਦੀਆਂ ਹਨ। ਪ੍ਰੋ: ਬਡੂੰਗਰ ਨੇ ਕਿਹਾ ਕਿ ਸਮੁੱਚੇ ਵਿਸ਼ਵ ਵਿਚੋਂ ਗੁਰੂ ਨਾਨਕ ਨਾਮ ਲੇਵਾ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੀ ਹੈ ਜਿਸਦੀ ਰਿਹਾਇਸ਼ ਦੀ ਪੂਰਤੀ ਇਹ ਸਰਾਂ ਕਰੇਗੀ। ਉਨ੍ਹਾਂ ਦੱਸਿਆ ਕਿ ੧,੧੩,੦੦੦ ਸਕੁਏਅਰ ਫੁੱਟ ਖੇਤਰ ਵਿਚ ਤਿਆਰ ਕੀਤੀ ਗਈ ਇਸ ਸਰਾਂ ਦੀਆਂ ਬੇਸਮੈਂਟ ਤੋਂ ਇਲਾਵਾ ੯ ਮੰਜ਼ਿਲਾਂ ਹਨ। ਉਨ੍ਹਾਂ ਦੱਸਿਆ ਕਿ ੨੨੬ ਕਮਰਿਆਂ ਸਮੇਤ ੧੨ ਸੂਟ (ਬੈਠਕਾਂ) ਵਾਲੀ ਇਸ ਸਰਾਂ ਦੇ ਨਿਰਮਾਣ ‘ਤੇ ੪੩ ਕਰੋੜ ਰੁਪਏ ਤੋਂ ਜ਼ਿਆਦਾ ਖਰਚ ਆਇਆ ਹੈ। ਸਮੁੱਚੀ ਇਮਾਰਤ ਵਾਤਾਨੁਕੂਲਿਤ ਹੈ, ਜਿਸ ਵਿਚ ੨ ਲਿਫਟਾਂ, ਅੱਗ ਬੁਝਾਊ ਸਿਸਟਮ, ਸੂਰਜੀ ਊਰਜਾ ਨਾਲ ਪਾਣੀ ਗਰਮ ਕਰਨ ਦੀ ਸਹੂਲਤ ਤੇ ਮੈਡੀਕਲ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਇਸ ਸਰਾਂ ਦੇ ਨਾਂਅ ਸਬੰਧੀ ਗੱਲ ਕਰਦਿਆਂ ਕਿਹਾ ਕਿ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਹ ਸਰਾਂ ਇਤਿਹਾਸ ਦੀ ਮਹਾਨ ਸਾਰਾਗੜ੍ਹੀ ਜੰਗ ਦੇ ਉਨ੍ਹਾਂ ੨੧ ਸਿੱਖ ਫੌਜੀਆਂ ਦੀ ਯਾਦ ਤਾਜ਼ਾ ਕਰਦੀ ਹੈ ਜਿਨ੍ਹਾਂ ਨੇ ਹਜ਼ਾਰਾਂ ਅਫਗਾਨਾਂ ਦਾ ਡੱਟ ਕੇ ਸਾਹਮਣਾ ਕਰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ। ਪ੍ਰੋ: ਬਡੂੰਗਰ ਨੇ ਫਰਾਂਸ ਦੇ ਸਕੂਲਾਂ ਵਿਚ ਸਾਰਾਗੜ੍ਹੀ ਦੇ ਇਤਿਹਾਸ ਨੂੰ ਪੜ੍ਹਾਏ ਜਾਣ ਦੀ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਵਿਚ ਵੀ ਇਸ ਮਹਾਨ ਤੇ ਸ਼ਾਨਾਮੱਤਾ ਇਤਿਹਾਸ ਪੜ੍ਹਾਇਆ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਭਗਵੰਤ ਸਿੰਘ ਸਿਆਲਕਾ, ਸ. ਬਿਕਰਮ ਸਿੰਘ ਕੋਟਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਨਾਮ ਸਿੰਘ ਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜਾਇਬ ਸਿੰਘ ਅਭਿਆਸੀ, ਸ. ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਮਹਿੰਦਰ ਸਿੰਘ ਆਹਲੀ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਤੇ ਸ. ਰਘਬੀਰ ਸਿੰਘ ਆਦਿ ਹਾਜ਼ਰ ਸਨ।