ਅੰਮ੍ਰਿਤਸਰ, 29 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਦਰਬਾਰ ਸਾਹਿਬ ਦੇ ਅਖੰਡਪਾਠੀ ਸਿੰਘਾਂ ਦੀਆਂ ਮੰਗਾਂ ਸਬੰਧੀ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੂੰ ਸ਼ਾਮਲ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਅਖੰਡਪਾਠੀ ਸਿੰਘਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੁਝ ਮੰਗਾਂ ਰੱਖੀਆਂ ਗਈਆਂ ਸਨ, ਜਿਸ ‘ਤੇ ਉਨ੍ਹਾਂ ਨੇ ਇਹ ਕਮੇਟੀ ਬਣਾਈ ਹੈ। ਉਨ੍ਹਾਂ ਆਖਿਆ ਕਿ ਅਖੰਡਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਵਿਚਾਰਨ ਉਪਰੰਤ ਕਮੇਟੀ ਆਪਣੀ ਰਿਪੋਰਟ ਪੇਸ਼ ਕਰੇਗੀ।