ਅੰਮ੍ਰਿਤਸਰ, 29 ਅਪ੍ਰੈਲ – ਸਿਕਲੀਗਰ ਸਿੱਖਾਂ ਨੂੰ ਮੱਧ ਪ੍ਰਦੇਸ਼ ਵਿਚ ਦਰਪੇਸ਼ ਮੁਸ਼ਕਿਲਾਂ ਦੀਆਂ ਮੀਡੀਆ ਰਿਪੋਰਟਾਂ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਸ਼ਿਵ ਰਾਜ ਸਿੰਘ ਚੌਹਾਨ ਨੂੰ ਇੱਕ ਪੱਤਰ ਲਿਖ ਕੇ ਇਸਦਾ ਜਲਦੀ ਤੋਂ ਜਲਦੀ ਹੱਲ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਸਿਕਲੀਗਰ ਸਿੱਖਾਂ ਨੂੰ ਮੱਧ ਪ੍ਰਦੇਸ਼ ਵਿਚ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀਆਂ ਘਟਨਾਵਾਂ ਦੁੱਖਦਾਈ ਹਨ, ਜਿਸਦਾ ਤਰੁੰਤ ਹੱਲ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਲਿਖਿਆ ਕਿ ਸਿਕਲੀਗਰ ਸਿੱਖ ਗੁਰੂ ਸਾਹਿਬਾਨ ਦੇ ਸਮੇਂ ਤੋਂ ਸਿੱਖ ਸਮਾਜ ਦਾ ਅਹਿਮ ਅੰਗ ਹਨ ਜੋ ਗੁਰੂ-ਕਾਲ ਸਮੇਂ ਸ਼ਸਤਰ ਬਣਾਉਣ ਦਾ ਕੰਮ ਕਰਦੇ ਰਹੇ ਹਨ। ਉਨ੍ਹਾਂ ਆਖਿਆ ਕਿ ਮੱਧ ਪ੍ਰਦੇਸ਼ ਵਿਚ ਸਿਕਲੀਗਰ ਸਿੱਖਾਂ ਨੂੰ ਬਿਨ੍ਹਾਂ ਵਜ੍ਹਾ ਤੰਗ ਕਰਨਾ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।

ਪ੍ਰੋ: ਬਡੂੰਗਰ ਨੇ ਕਿਹਾ ਕਿ ਪ੍ਰਾਪਤ ਰਿਪੋਰਟਾਂ ਅਨੁਸਾਰ ਮੱਧ ਪ੍ਰਦੇਸ਼ ਦੇ ਇਹ ਸਿਕਲੀਗਰ ਸਿੱਖ ਆਪਣੇ ਨਾਲ ਹੋ ਰਹੀਆਂ ਵਧੀਕੀਆਂ ਕਾਰਨ ਘਬਰਾਏ ਹੋਏ ਹਨ। ਉਨ੍ਹਾਂ ਆਖਿਆ ਕਿ ਇਹ ਵਰਤਾਰਾ ਤੁਰੰਤ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਸ੍ਰੀ ਸ਼ਿਵ ਰਾਜ ਸਿੰਘ ਚੌਹਾਨ ਤੋਂ ਮੰਗ ਕੀਤੀ ਕਿ ਸਿਕਲੀਗਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਇਆ ਜਾਵੇ ਅਤੇ ਇਸ ਮਸਲੇ ਵੱਲ ਗੰਭੀਰਤਾ ਨਾਲ ਧਿਆਨ ਦੇ ਕੇ ਜਲਦੀ ਸੁਲਝਾਇਆ ਜਾਵੇ।