ਅੰਮ੍ਰਿਤਸਰ :  ੧੭ ਮਈ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਉਪ ਕੁਲਪਤੀ ਦੀ ਚੋਣ ਲਈ ਸਰਗਰਮੀ ਆਰੰਭ ਦਿੱਤੀ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਕ ਉੱਚ ਪੱਧਰੀ ਕਮੇਟੀ ਗਠਿਤ ਕੀਤੀ ਹੈ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਬਾਰੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਮੁੱਖ ਸੰਸਥਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਦਾ ਅਹੁਦਾ ਪਿਛਲੇ ਦਿਨੀਂ ਡਾ. ਗੁਰਮੋਹਨ ਸਿੰਘ ਵਾਲੀਆ ਵੱਲੋਂ ਅਸਤੀਫ਼ਾ ਦੇਣ ਕਾਰਨ ਖ਼ਾਲੀ ਹੋ ਗਿਆ ਸੀ ਅਤੇ ਇਸ ਵੱਕਾਰੀ ਅਹੁਦੇ ਲਈ ਯੋਗ ਸ਼ਖ਼ਸੀਅਤ ਦੀ ਭਾਲ ਕਰਨ ਲਈ ਸਨਮਾਨਿਤ ਅਤੇ ਤਜਰਬੇਕਾਰ ਸ਼ਖ਼ਸੀਅਤਾਂ ‘ਤੇ ਅਧਾਰਿਤ ਇੱਕ ਉਚ ਪੱਧਰੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸ. ਰੁਪਿੰਦਰ ਸਿੰਘ ਮਾਨ ਆਈ.ਏ.ਐਸ., ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਸ. ਅਮਰਜੀਤ ਸਿੰਘ ਸਿੱਧੂ ਆਈ.ਏ.ਐਸ., ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਸ. ਨਿਰਮਲ ਸਿੰਘ, ਪੰਜਾਬ ਦੇ ਸਾਬਕਾ ਪ੍ਰਿੰਸੀਪਲ ਸਕੱੱਤਰ ਸ. ਦਰਬਾਰਾ ਸਿੰਘ ਗੁਰੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਐਡਵੋਕੇਟ ਨੂੰ ਸ਼ਾਮਲ ਕੀਤਾ ਗਿਆ। ਪ੍ਰੋ: ਬਡੂੰਗਰ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਸਥਾਪਨਾ ਦਾ ਮੰਤਵ ਵਿਸ਼ਵੀਕਰਨ ਦੇ ਪ੍ਰਸੰਗ ਵਿਚ ਬੜਾ ਦੂਰਦਰਸ਼ੀ ਹੈ ਜਿਸ ਕਰਕੇ ਇਸ ਦੇ ਉੱਪ ਕੁਲਪਤੀ ਦੀ ਚੋਣ ਲਈ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।