ਗਿਆਨੀ ਗੁਰਮੁੱਖ ਸਿੰਘ ਦੀ ਸੁਰੱਖਿਆ ਲਈ ਪੰਜਾਬ ਦੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 20 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਮਿਲੇ ਧਮਕੀ ਪੱਤਰ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਪਾਸੋਂ ਗਿਆਨੀ ਗੁਰਮੁੱਖ ਸਿੰਘ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ।

ਇਸ ਸਬੰਧੀ ਉਨ੍ਹਾਂ ਨੇ ਡਾਇਰੈਕਟਰ ਜਨਰਲ ਪੰਜਾਬ ਪੁਲਿਸ ਨੂੰ ਲਿਖੇ ਇਕ ਪੱਤਰ ਵਿਚ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਜੋ ਇਸ ਸਮੇਂ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ (ਹਰਿਆਣਾ) ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਹਨ ਦੀ ਸੁਰੱਖਿਆ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਅਤੇ ਧਮਕੀ ਪੱਤਰ ਦੀ ਸੱਚਾਈ ਨੂੰ ਜਨਤਕ ਕੀਤਾ ਜਾਵੇ।

ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਰਾਰਤੀ ਲੋਕਾਂ ਵੱਲੋਂ ਅਜਿਹੀਆਂ ਘਟੀਆ ਹਰਕਤਾਂ ਪੰਜਾਬ ਦੀ ਕਾਨੂੰਨ ਸਥਿਤੀ ਲਈ ਵੱਡੀ ਚੁਣੌਤੀ ਹਨ, ਜਿਸ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚੇਤੰਨ ਹੋਣ ਦੀ ਲੋੜ ਹੈ।