ਅੰਮ੍ਰਿਤਸਰ, 15 ਅਗਸਤ:- ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗਿਆਨੀ ਮੱਲ ਸਿੰਘ ਸਿੱਖ ਕੌਮ ਦੀ ਵਿਦਵਾਨ ਸ਼ਖਸੀਅਤ ਸਨ ਅਤੇ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪ੍ਰੋ: ਬਡੂੰਗਰ ਨੇ ਕਿਹਾ ਕਿ ਗਿਆਨੀ ਮੱਲ ਸਿੰਘ ਨੇ 1979 ਵਿਚ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਗ੍ਰੰਥੀ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ ਗੁਰੂ ਦੀ ਭੈਅ ਭਾਵਨੀ ਵਿਚ ਸੇਵਾ ਕਰਦਿਆਂ ਆਪਣੀ ਗੁਰਮਤਿ ਯੋਗਤਾ ਤੇ ਬੁੱਧੀਮਤਾ ਸਦਕਾ ਤਖਤ ਸਾਹਿਬ ਦੇ ਜਥੇਦਾਰ ਦੀ ਸੇਵਾ ਪ੍ਰਾਪਤ ਕੀਤੀ। ਉਹ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਹੈਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹੇ। ਪ੍ਰੋ: ਬਡੂੰਗਰ ਨੇ ਕਿਹਾ ਕਿ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ਨਾਲ ਕੌਮ ਇੱਕ ਵਿਦਵਾਨ ਜਥੇਦਾਰ ਤੋਂ ਵਾਂਝੀ ਹੋ ਗਈ ਹੈ। 
ਜਥੇਦਾਰ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ਬਾਰੇ ਖਬਰ ਮਿਲਣ `ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਸਮੁੰਦਰੀ ਹਾਲ ਵਿਖੇ ਇਕੱਤਰ ਹੋ ਕੇ ਮੂਲ ਮੰਤਰ, ਗੁਰ ਮੰਤਰ ਤੇ ਅਰਦਾਸ ਰਾਹੀਂ ਗਿਆਨੀ ਮੱਲ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਸਮੁੱਚੇ ਅਦਾਰੇ ਬੰਦ ਕਰ ਦਿੱਤੇ ਗਏ ਜੋ ਭਲਕੇ ਮਿਤੀ 16-08-2017 ਨੂੰ ਵੀ ਬੰਦ ਰਹਿਣਗੇ।
ਦੱਸਣਾ ਬਣਦਾ ਹੈ ਕਿ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਤਬੀਅਤ ਠੀਕ ਨਾ ਹੋਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੂਰੇ ਵਿਸ਼ਵ ਅੰਦਰ ਵੱਸਦੇ ਸਿੱਖਾਂ ਵਿਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।