ਅੰਮ੍ਰਿਤਸਰ, 20 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉੱਘੇ ਸਿੱਖ ਸਾਹਿਤਕਾਰ ਡਾ. ਸੰਗਤ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਡਾ. ਸੰਗਤ ਸਿੰਘ ਬੇਬਾਕ ਸੋਚ ਦੇ ਮਾਲਿਕ ਸਨ, ਜਿਨ੍ਹਾਂ ਨੇ ਆਪਣੀਆਂ ਲਿਖਤਾਂ ਰਾਹੀਂ ਬਿਨਾਂ ਕਿਸੇ ਪ੍ਰਭਾਵ ਤੋਂ ਆਪਣੀ ਵਿਲੱਖਣ ਪਛਾਣ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਰਾਵਲਪਿੰਡੀ ਜ਼ਿਲ੍ਹੇ ਨਾਲ ਪਿਛੋਕੜ ਰੱਖਣ ਵਾਲੇ ਡਾ. ਸੰਗਤ ਸਿੰਘ ਇਤਿਹਾਸ ਦੇ ਵਿਦਿਆਰਥੀ ਹੋਣ ਕਰਕੇ ਆਪਣੀਆਂ ਲਿਖਤਾਂ ਰਾਹੀਂ ਅੰਤ ਤੱਕ ਇਤਿਹਾਸ ਨੂੰ ਰੂਪਮਾਨ ਕਰਦੇ ਰਹੇ।  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡਾ. ਸੰਗਤ ਸਿੰਘ ਬਿਨਾਂ ਸ਼ੱਕ ਭਾਰਤ ਸਰਕਾਰ ਦੇ ਵੱਖ-ਵੱਖ ਵੱਕਾਰੀ ਅਹੁਦਿਆਂ ਤੇ ਰਹੇ ਪਰ ਮੂਲ ਰੂਪ ਵਿਚ ਉਹ ਪੰਥਕ ਵਿਚਾਰਧਾਰਾ ਨਾਲ ਜੁੜੇ ਇੱਕ ਚੰਗੇ ਇਨਸਾਨ ਸਨ। ਪ੍ਰੋ. ਬਡੂੰਗਰ ਨੇ ਜਿਥੇ ਡਾ. ਸੰਗਤ ਸਿੰਘ ਦੇ ਚਲਾਣੇ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਸਾਹਿਤਕ ਜਗਤ ਲਈ ਵੱਡਾ ਘਾਟਾ ਕਰਾਰ ਦਿੱਤਾ, ਉਥੇ ਹੀ ਕਿਹਾ ਕਿ ਮੌਤ ਇੱਕ ਅਟੱਲ ਸੱਚਾਈ ਹੈ ਜਿਸ ਨੂੰ ਕੋਈ ਟਾਲ ਨਹੀਂ ਸਕਦਾ। ਉਨ੍ਹਾਂ ਡਾ. ਸੰਗਤ ਸਿੰਘ ਦੀ ਆਤਮਿਕ ਸ਼ਾਂਤੀ ਲਈ ਕਰਤਾ ਪੁਰਖ ਅੱਗੇ ਅਰਦਾਸ ਵੀ ਕੀਤੀ।