imagesਅੰਮ੍ਰਿਤਸਰ 18 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ੨੨ ਮਈ ੨੦੧੫ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।
ਦਫਤਰ ਤੋਂ ਜਾਰੀ ਪ੍ਰੈੱਸ ਨੋਟ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ੧੩ ਮਈ ਤੋਂ ਸ਼ੁਰੂ ਹੋਈ ਗੁਰ-ਇਤਿਹਾਸ ਦੀ ਕਥਾ ੨੧ ਮਈ ਤੱਕ ਚੱਲੇਗੀ।ਉਨ੍ਹਾਂ ਦੱਸਿਆ ਕਿ ੨੦ ਮਈ ਦਿਨ ਬੁੱਧਵਾਰ ਨੂੰ ਸਵੇਰੇ ੮.੦੦ ਵਜੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ੨੨ ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ ੮.੦੦ ਵਜੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਹੋਵੇਗੀ ਅਤੇ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਵੱਲੋਂ ਦੁਪਹਿਰ ੧੨:੦੦ ਤੋਂ ੧:੩੦ ਵਜੇ ਤੱਕ ‘ਸ਼ਹੀਦੀ ਪ੍ਰਸੰਗ’ ਦੀ ਕਥਾ ਹੋਵੇਗੀ।੨੨ ਮਈ ਨੂੰ ਸ਼ਹੀਦੀ ਪੁਰਬ ਸਬੰਧੀ ਦੁਪਹਿਰ ੨:੦੦ ਤੋਂ ੪:੦੦ ਵਜੇ ਤੱਕ ਕਵੀ ਦਰਬਾਰ ਹੋਵੇਗਾ ਜਿਸ ਵਿੱਚ ਕਵੀ-ਜਨ ਸ਼ਹੀਦੀ ਪੁਰਬ ਨਾਲ ਸਬੰਧਤ ‘ਕਵਿਤਾਵਾਂ’ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਹੋ ਰਹੇ ਸਮਾਗਮਾਂ ‘ਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।