ਅਮਰੀਕਾ ਵਿਚ ਮੇਅਰ ਚੁਣੇ ਗਏ ਸ. ਰਵਿੰਦਰ ਸਿੰਘ ਭੱਲਾ ਨੂੰ ਪੰਜਾਬ ਆਉਣ ‘ਤੇ ਸਨਮਾਨਿਤ ਕੀਤਾ ਜਾਵੇਗਾ -ਪ੍ਰੋ. ਬਡੂੰਗਰ


ਅੰਮ੍ਰਿਤਸਰ, 09 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਆਵਾਮ ਦੀ ਭਾਈਚਾਰਕ ਸਾਂਝ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਹ ਗੱਲ ਉਨ੍ਹਾਂ ਸੁਧੀਰ ਸੂਰੀ ਨਾਮ ਦੇ ਵਿਅਕਤੀ ਵੱਲੋਂ ਸਿੱਖਾਂ ਵਿਰੁੱਧ ਕੀਤੀਆਂ ਘਟੀਆਂ ਟਿੱਪਣੀਆਂ ਤੇ ਪ੍ਰਤੀਕਰਮ ਦਿੰਦਿਆਂ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਦੇ ਮਨਸੂਬੇ ਘੜਨ ਵਾਲੇ ਅਜਿਹੇ ਲੋਕਾਂ ਨੂੰ ਨਕੇਲ ਪਾਉਣਾ ਸਰਕਾਰ ਦਾ ਕੰਮ ਹੈ।
ਇਸ ਦੌਰਾਨ ਪ੍ਰੋ. ਬਡੂੰਗਰ ਨੇ ਅਮਰੀਕਾ ਵਿਚ ਨਿਊਜਰਸੀ ਦੇ ਹੋਬੋਕੈਨ ਸ਼ਹਿਰ ਦੇ ਮੇਅਰ ਚੁਣੇ ਗਏ ਸ. ਰਵਿੰਦਰ ਸਿੰਘ ਭੱਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਿੱਖ ਵਿਸ਼ਵ ਭਰ ਵਿਚ ਵੱਖ-ਵੱਖ ਖੇਤਰਾਂ ਅੰਦਰ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅੰਤਰ-ਰਾਸ਼ਟਰੀ ਪ੍ਰਾਪਤੀਆਂ ਕਰਨ ਵਾਲੇ ਸਿੱਖਾਂ ਦਾ ਹਮੇਸ਼ਾਂ ਸਨਮਾਨ ਕਰਦੀ ਆਈ ਹੈ ਅਤੇ ਸ. ਰਵਿੰਦਰ ਸਿੰਘ ਭੱਲਾ ਦੇ ਪੰਜਾਬ ਆਉਣ ‘ਤੇ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕੁਝ ਲੋਕਾਂ ਵੱਲੋਂ ਸ. ਰਵਿੰਦਰ ਸਿੰਘ ਭੱਲਾ ਦੇ ਪੋਸਟਰਾਂ ‘ਤੇ ਨਸਲੀ ਟਿੱਪਣੀਆਂ ਲਿਖਣ ਸਬੰਧੀ ਕਿਹਾ ਕਿ ਇਹ ਸ਼ਰਾਰਤੀ ਦਿਮਾਗ ਲੋਕਾਂ ਦਾ ਕੰਮ ਹੈ ਅਤੇ ਅਜਿਹੇ ਲੋਕ ਦੁਨੀਆਂ ਦੇ ਹਰ ਖਿੱਤੇ ਵਿਚ ਹੁੰਦੇ ਹਨ। ਪ੍ਰੋ. ਬਡੂੰਗਰ ਨੇ ਬਿਤੀ ਦਿਨੀਂ ਕੈਨੇਡਾ ਸਰਕਾਰ ਵੱਲੋਂ ਸਿੱਖਾਂ ਨੂੰ ਹਵਾਈ ਸਫ਼ਰ ਦੌਰਾਨ ਛੋਟੀ ਕਿਰਪਾਨ ਪਹਿਨਣ ਦੀ ਇਜਾਜ਼ਤ ਦਾ ਸਵਾਗਤ ਕਰਦਿਆਂ ਇਸ ਫ਼ੈਸਲੇ ਲਈ ਕੈਨੇਡਾ ਸਰਕਾਰ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ, ਭਾਈ ਅਜਾਇਬ ਸਿੰਘ ਅਭਿਆਸੀ, ਸ. ਬਿਕਰਮ ਸਿੰਘ ਕੋਟਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਜਗਜੀਤ ਸਿੰਘ ਜੱਗੀ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਪ੍ਰੋ. ਸੁਖਦੇਵ ਸਿੰਘ ਆਦਿ ਹਾਜ਼ਰ ਸਨ।