sਅੰਮ੍ਰਿਤਸਰ 3 ਦਸੰਬਰ (         ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਲੁਧਿਆਣਾ ਦੇ ਚੰਦਰ ਨਗਰ ਇਲਾਕੇ ਵਿੱਚ ਮੱਲੀ ਪੈਲਸ ਨਜ਼ਦੀਕ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ (ਗੁਟਕਾ ਸਾਹਿਬ) ਦੇ ਅੰਗ ਸੜਕ ‘ਤੇ ਫਟੇ ਹੋਏ ਮਿਲਣ ਦੀ ਘਟਨਾ ਨੂੰ ਦੁਖਦਾਈ ਦੱਸਦਿਆਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਗਿਣੀ-ਮਿਥੀ ਸਾਜਿਸ਼ ਤਹਿਤ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਚੰਦ ਪੈਸਿਆਂ ਖਾਤਰ ਆਪਣਾ ਜ਼ਮੀਰ ਵੇਚਣ ਵਾਲੇ ਲੋਕਾਂ ਨੂੰ ਇਹ ਕੋਈ ਹੱਕ ਨਹੀਂ ਕਿ ਉਹ ਧਰਮ ਦੇ ਨਾਮ ‘ਤੇ ਫਿਰਕੂ ਭਾਵਨਾਵਾਂ ਫੈਲਾਉਣ।ਉਨ੍ਹਾਂ ਕਿਹਾ ਕਿ ਗੁਰਬਾਣੀ ਤੋਂ ਸਰਬੱਤ ਦੇ ਭਲੇ ਤੇ ਹਰ ਧਰਮ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਮਿਲਦੀ ਹੈ, ਪਰ ਕੁਝ ਪੰਥ ਦੋਖੀ ਭਾਈਚਾਰਕ ਸਾਂਝ, ਆਪਸੀ ਪਿਆਰ ਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ।
ਉਨ੍ਹਾਂ ਪ੍ਰਸ਼ਾਸਨ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਤਾਂ ਜੋ ਅਜਿਹੀਆਂ ਕਾਰਵਾਈਆਂ ਮੁੜ ਨਾ ਵਾਪਰਨ।