ਅੰਮ੍ਰਿਤਸਰ 10 ਮਾਰਚ (     ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ‘ਸ਼੍ਰੋਮਣੀ ਸੇਵਕ’ ਦੀ ਉਪਾਧੀ ਦੇ ਸਨਮਾਨ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨਿਤ ਕਰਨ ਦੇ ਫੈਸਲੇ ਦੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸਖ਼ਸ਼ੀਅਤਾਂ ਵੱਲੋਂ ਸ਼ਲਾਘਾ ਕੀਤੀ ਗਈ ਹੈ।

ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਿਤੀ ੯-੩-੨੦੧੫ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਉਨ੍ਹਾਂ ਵੱਲੋਂ ਸਮੁੱਚੀ ਮਾਨਵਤਾ ਦੇ ਭਲੇ ਲਈ ਕੀਤੀਆਂ ਸੇਵਾਵਾਂ ਲਈ ‘ਸ਼੍ਰੋਮਣੀ ਸੇਵਕ’ ਦੀ ਉਪਾਧੀ ਨਾਲ ਸਨਮਾਨ ਦੇਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਵਿੱਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ਼ਮੂਲੀਅਤ ਕੀਤੀ।

ਸ. ਬੇਦੀ ਨੇ ਦੱਸਿਆ ਕਿ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਅੰਤ੍ਰਿੰਗ ਮੈਂਬਰਾਨ ਸ. ਨਿਰਮੈਲ ਸਿੰਘ ਜੌਲਾਂ ਕਲਾਂ, ਸ. ਕਰਨੈਲ ਸਿੰਘ ਪੰਜੋਲੀ, ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਮੋਹਣ ਸਿੰਘ ਬੰਗੀਂ ਤੇ ਸ. ਸੁਰਜੀਤ ਸਿੰਘ ਗੜ੍ਹੀ ਤੋਂ ਇਲਾਵਾ ਸ੍ਰ: ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਮੰਤਰੀ, ਪੰਜਾਬ, ਜਥੇਦਾਰ ਸੁੱਚਾ ਸਿੰਘ ਲੰਗਾਹ ਸਾਬਕਾ ਕੈਬਨਿਟ ਮੰਤਰੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ੍ਰ: ਵੀਰ ਸਿੰਘ ਲੋਪੋਕੇ ਹਲਕਾ ਵਿਧਾਇਕ, ਸ੍ਰ: ਗੁਰਿੰਦਰਪਾਲ ਸਿੰਘ ਗੋਰਾ, ਸ੍ਰ: ਸੁਰਜੀਤ ਸਿੰਘ ਭਿੱਟੇਵਿਡ, ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਨੇ ਪੰਜ ਸਿੰਘ ਸਾਹਿਬਾਨ ਦੇ ਇਸ ਫੈਂਸਲੇ ਦੀ ਪੁਰਜੋਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਉੱਤਰਾਖੰਡ ਵਿਖੇ ਹੇਮਕੁੰਟ ਸਾਹਿਬ ਤੇ ਗੋਬਿੰਦ ਘਾਟ ਆਦਿ ਖੇਤਰਾਂ ਅਤੇ ਜੰਮੂ-ਕਸ਼ਮੀਰ ਵਿੱਚ ਆਈਆਂ ਕੁਦਰਤੀ ਆਫ਼ਤਾਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੱਧ ਚੜ੍ਹ ਕੇ ਬਿਨਾ ਕਿਸੇ ਭੇਦ-ਭਾਵ ਅਤੇ ਜਾਤ-ਪਾਤ ਦੇ ਹਰ ਕਾਰਜ ਖੇਤਰ ਵਿੱਚ ਆਪ ਸ਼ਮੂਲੀਅਤ ਕਰਕੇ ਵੱਡਮੁੱਲੀਆਂ ਸੇਵਾਵਾਂ ਨਿਭਾ ਕੇ ਭਰਾਤਰੀ ਭਾਵ ਦਾ ਸਬੂਤ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਦੇ ਇਲਾਵਾ ਕੈਂਸਰ ਪੀੜ੍ਹਤ ਮਰੀਜ਼ਾਂ ਲਈ ਕੈਂਸਰ ਫੰਡ ਦੀ ਸ਼ੁਰੂਆਤ ਕੀਤੀ ਤੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਇਆ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਦੇ ਸਮੁੱਚੀ ਮਾਨਵਤਾ ਦੇ ਭਲੇ ਲਈ ਕੀਤੇ ਰਾਹਤ ਕਾਰਜਾਂ ਨਾਲ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਰਬੱਤ ਦੇ ਭਲੇ ਦੀ ਅਲੰਬਰਦਾਰ ਹੋਣ ਵਾਲਾ ਅਕਸ ਨਿੱਖਰ ਕੇ ਸਾਹਮਣੇ ਆਇਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਕ ਮਤੇ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜੋ ਬੇਨਤੀ ਕੀਤੀ ਸੀ ਉਹ ਪ੍ਰਵਾਨ ਹੋਈ ਹੈ।ਏਥੇ ਹੀ ਬੱਸ ਨਹੀਂ ਜਥੇਦਾਰ ਅਵਤਾਰ ਸਿੰਘ ਨੇ ਪੰਜਾਬ ਦੀ ਮਾਂ ਖੇਡ ਕਬੱਡੀ ਵਿੱਚ ਸਾਬਤ ਸੂਰਤ ਖਿਡਾਰੀਆਂ ਨੂੰ ਅੱਗੇ ਲਿਆ ਕੇ ਸਮੁੱਚੇ ਸੰਸਾਰ ਵਿੱਚ ਇਸ ਸੰਸਥਾ ਦਾ ਨਾਂਅ ਉੱਚਾ ਕੀਤਾ ਤੇ ਸਿੱਖੀ ਸਰੂਪ ‘ਚ ਸਿੱਖ ਖਿਡਾਰੀਆਂ ‘ਚ ਖੇਡਣ ਲਈ ਇਕ ਨਿਵੇਕਲਾ ਚਾਅ, ਉਮਾਹ ਵੀ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਕੂਲਾਂ ਵਿੱਚ ਪ੍ਰਾਇਮਰੀ ਪੱਧਰ ਤੋਂ ਹਾਕੀ ਲਈ ਸਿੱਖ ਖਿਡਾਰੀਆਂ ਤੇ ਆਧਾਰਿਤ ਤਿੰਨ ਅਕਾਦਮੀਆਂ ਬਣਾਈਆਂ।ਉਨ੍ਹਾਂ ਕਿਹਾ ਕਿ ਹੁਣ ਹਾਕੀ ਖਿਡਾਰੀਆਂ ਵਿੱਚ ਵੀ ਜਥੇਦਾਰ ਅਵਤਾਰ ਸਿੰਘ ਦੇ ਯਤਨਾ ਸਦਕਾ ਸਿੱਖ ਖਿਡਾਰੀ ਨਜ਼ਰ ਆਉਣਗੇ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾਂਦੇ ਵਿਦਿਅਕ ਅਦਾਰਿਆਂ ਵਿੱਚ ਅੰਮ੍ਰਿਤਧਾਰੀ ਬੱਚਿਆਂ ਦੀ ਫੀਸ ਮੁਆਫ਼ ਕਰਕੇ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਬਹੁਤ ਵੱਡਾ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਸ਼੍ਰੋਮਣੀ ਕਮੇਟੀ ਦੇ ਪਹਿਲੇ ਪ੍ਰਧਾਨ ਹਨ ਜਿਨ੍ਹਾਂ ਨੂੰ ਉਨ੍ਹਾਂ ਦੀਆਂ ਅਣਥੱਕ ਸੇਵਾਵਾਂ ਬਦਲੇ ‘ਸ਼੍ਰੋਮਣੀ ਸੇਵਕ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਉਪਾਧੀ ਸਮੁੱਚੇ ਸਿੱਖ ਪੰਥ ਲਈ ਗੌਰਵਮਈ ਹੋਵੇਗੀ।