ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਧਾਰਮਿਕ, ਸਮਾਜਿਕ ਤੇ ਲੋਕ ਭਲਾਈ ਦੇ ਖੇਤਰ ‘ਚ ਯਾਦਗਾਰੀ ਭੂਮਿਕਾ ਨਿਭਾਈ -ਭਾਈ ਲੌਂਗੋਵਾਲ
ਬੇਹਤਰ ਸੇਵਾਵਾਂ ਬਦਲੇ ਸ਼੍ਰੋਮਣੀ ਕਮੇਟੀ ਦੇ ਚਾਰ ਸਾਬਕਾ ਮੁਲਾਜ਼ਮ ਸਨਮਾਨਿਤ

ਅੰਮ੍ਰਿਤਸਰ ੧੬ ਨਵੰਬਰ- ਸੰਨ ੧੯੨੦ ਵਿਚ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਸ਼ਾਨਾਮੱਤੇ ਇਤਿਹਾਸ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਇਤਿਹਾਸਕ ਗੁਰਧਾਮਾਂ ਨੂੰ ਮਹੰਤਾਂ ਦੇ ਹੱਥਾਂ ਵਿੱਚੋਂ ਛੁਡਵਾ ਕੇ ਸੰਗਤੀ ਹੱਥਾਂ ‘ਚ ਦੇਣ ਦਾ ਉਹ ਸਫ਼ਰ ਹੈ ਜਿਸ ਨੂੰ ਤੈਅ ਕਰਨ ਲਈ ਸਿੱਖ ਕੌਮ ਨੂੰ ਵੱਡੀਆਂ ਸ਼ਹਾਦਤਾਂ ਦੇ ਸਨਮੁਖ ਹੋਣਾ ਪਿਆ। ਸਿੱਖ ਕੌਮ ਦੀ ਇਸ ਮਹਾਨ ਸੰਸਥਾ ਅੱਜ ਇਕ ਸਦੀ ਦਾ ਸਫ਼ਰ ਤੈਅ ਕਰਨ ਵਾਲੀ ਹੈ ਅਤੇ ਇਸ ਦੌਰਾਨ ਇਸ ਨੇ ਹਰ ਖੇਤਰ ਵਿਚ ਜ਼ਿਕਰਯੋਗ ਕਾਰਜ ਕੀਤੇ ਹਨ। ਉਨ੍ਹਾਂ ਆਖਿਆ ਕਿ ਇਸ ਸੰਸਥਾ ਨੇ ਜਿਥੇ ਧਰਮ ਪ੍ਰਚਾਰ ਖੇਤਰ ‘ਚ ਜ਼ਿਕਰਯੋਗ ਹਿੱਸਾ ਪਾਇਆ ਹੈ, ਉਥੇ ਹੀ ਸਮਾਜਿਕ, ਆਰਥਿਕ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਵੀ ਵਿਸ਼ੇਸ਼ ਅਹਿਮੀਅਤ ਦਿੱਤੀ ਹੈ। ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਤੋਂ ਲੈ ਕੇ ਵਰਤਮਾਨ ਸਮੇਂ ਤੱਕ ਦਾ ਜ਼ਿਕਰ ਕਰਦਿਆਂ ਆਖਿਆ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸੰਘਰਸ਼ੀ ਆਗੂ ਪੈਦਾ ਕਰਨ ਵਿਚ ਵੀ ਇਹ ਸੰਸਥਾ ਸਦਾ ਹੀ ਮੋਹਰੀ ਰਹੀ ਹੈ। ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਦਰਜ਼ਾ-ਬ-ਦਰਜ਼ਾ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੇਵਾ ਦੌਰਾਨ ਇਸ ਮਾਣਮੱਤੀ ਸੰਸਥਾ ਦੀ ਪ੍ਰਤਿਭਾ ਨੂੰ ਵਧਾਉਣ ਲਈ ਯਤਨ ਕਰਨ। ਉਨ੍ਹਾਂ ਆਖਿਆ ਕਿ ਇਹੀ ਇਕੋ-ਇਕ ਸਿੱਖ ਸੰਸਥਾ ਹੈ ਜੋ ਕੌਮਾਂਤਰੀ ਪੱਧਰ ‘ਤੇ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਅਗਵਾਈ ਕਰਦੀ ਹੈ ਅਤੇ ਸੰਸਾਰ ਦੇ ਸਿੱਖਾਂ ਨੂੰ ਵੀ ਆਪਣੀ ਇਸ ਸੰਸਥਾ ‘ਤੇ ਮਾਣ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸਥਾਪਨਾ ਦਿਵਸ ਨੂੰ ਵਿਸ਼ਾਲ ਪੱਧਰ ‘ਤੇ ਮਨਾਉਣ ਦੀ ਪ੍ਰਸੰਸਾ ਕੀਤੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਉਹ ਸੰਸਥਾ ਹੈ, ਜਿਸ ਨੇ ਪੂਰੀ ਕੌਮ ਨੂੰ ਸੰਗਠਤ ਕਰਨ ਲਈ ਵਡੇਰੀ ਭੂਮਿਕਾ ਨਿਭਾਈ ਹੈ ਅਤੇ ਪੰਥਕ ਮਰਿਯਾਦਾ ਦੇ ਪ੍ਰਚਾਰ ਲਈ ਵੀ ਭਰਪੂਰ ਸੇਵਾਵਾਂ ਦਿੱਤੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਅਤੇ ਇਸ ਵੱਲੋਂ ਵੱਖ-ਵੱਖ ਖੇਤਰਾਂ ਵਿਚ ਪਾਏ ਯੋਗਦਾਨ ਦਾ ਖੁਲਾਸਾ ਕੀਤਾ। ਉਨ੍ਹਾਂ ਇਹ ਵੀ ਆਖਿਆ ਕਿ ਇਸ ਸੰਸਥਾ ਨੂੰ ਇਹ ਮਾਣ ਵੀ ਹਾਸਲ ਹੈ ਕਿ ਇਸ ਦੇ ਵੱਖ-ਵੱਖ ਅਦਾਰਿਆਂ ਵਿਚ ੨੫ ਹਜ਼ਾਰ ਦੇ ਲਗਭਗ ਮੁਲਾਜ਼ਮ ਸੇਵਾਵਾਂ ਨਿਭਾ ਰਹੇ ਹਨ ਅਤੇ ਇਸ ਤਰ੍ਹਾਂ ਇਹ ਕੌਮ ਦੇ ਲੋਕਾਂ ਨੂੰ ਵੱਡੇ ਪੱਧਰ ‘ਤੇ ਰੋਜ਼ਗਾਰ ਦੇਣ ਵਾਲੀ ਸੰਸਥਾ ਵਜੋਂ ਵੀ ਹੋਂਦ ਰੱਖਦੀ ਹੈ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਚਾਰ ਸਾਬਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਬੇਹਤਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚ ਸਾਬਕਾ ਮੀਤ ਸਕੱਤਰ ਸ. ਗੁਰਬਚਨ ਸਿੰਘ ਚਾਂਦ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਸ. ਦਿਆਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਸੇਵਾਦਾਰ ਗਿਆਨੀ ਸਰਵਨ ਸਿੰਘ ਤੇ ਸ੍ਰੀ ਸੋਹਨ ਲਾਲ ਸ਼ਾਮਲ ਸਨ। ਇਸ ਤੋਂ ਇਲਾਵਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਵੀ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਤੇ ਭਾਈ ਮਲਕੀਤ ਸਿੰਘ ਮੁੱਖ ਗ੍ਰੰਥੀ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਭਾਈ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਨਾਮ ਸਿੰਘ ਜੱਸਲ, ਸ. ਰਤਨ ਸਿੰਘ ਜੱਫਰਵਾਲ, ਸ. ਸੁਖਵਰਸ਼ ਸਿੰਘ ਪੰਨੂੰ, ਸ. ਕੁਲਦੀਪ ਸਿੰਘ ਤੇੜਾ, ਸ. ਬਿਕਰਮਜੀਤ ਸਿੰਘ ਕੋਟਲਾ, ਬੀਬੀ ਜੋਗਿੰਦਰ ਕੌਰ ਧਰਮਕੋਟ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌਵਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ, ਸ. ਬਿਜੈ ਸਿੰਘ, ਸ. ਮਹਿੰਦਰ ਸਿੰਘ ਆਹਲੀ ਤੇ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਿੰਦਰ ਸਿੰਘ, ਸ. ਗੁਰਬਚਨ ਸਿੰਘ ਲੇਹਲ, ਸ. ਕਰਮਬੀਰ ਸਿੰਘ ਕਿਆਮਪੁਰ ਤੇ ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸਾਬਕਾ ਮੁਲਾਮਜ਼ਾਂ ਵਿੱਚੋਂ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਸਤਬੀਰ ਸਿੰਘ ਧਾਮੀ, ਸ. ਕੁਲਦੀਪ ਸਿੰਘ ਬਾਵਾ, ਸ. ਹਰਿੰਦਰਪਾਲ ਸਿੰਘ, ਸ. ਕੁਲਦੀਪ ਸਿੰਘ ਬਾਵਾ, ਡਾ. ਸੂਬਾ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦਾ ਸਟਾਫ਼ ਹਾਜ਼ਰ ਸੀ।