ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਪਿੰਡ ਦੀ ਪੰਚਾਇਤ ਨੇ ਪੁਲੀਸ ਨੂੰ ਸੂਚਿਤ ਕਰਕੇ ਕਰਵਾਇਆ ਪਰਚਾ ਦਰਜ
ਦੋਸ਼ੀਆਂ ਦੀ ਜਲਦ ਤੋਂ ਜਲਦ ਭਾਲ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ- ਜਥੇਦਾਰ ਅਵਤਾਰ ਸਿੰਘ
logoਅੰਮ੍ਰਿਤਸਰ : ੨੯ ਨਵੰਬਰ : (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਟੀ ਦੇ ਪਿੰਡ ਸਰ੍ਹਾਲੀ ਮੰਡਾ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਜੋ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਐਸੀਆਂ ਲੜੀਵਾਰ ਮੰਦਭਾਗੀਆਂ ਘਟਨਾਵਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ: ਖੁਸ਼ਵਿੰਦਰ ਸਿੰਘ ਭਾਟੀਆ ਅਤੇ ਪਿੰਡ ਦੀ ਸਰਪੰਚ ਬੀਬੀ ਬਲਜੀਤ ਕੌਰ ਵੱਲੋਂ ਪਿੰਡ ਦੀ ਪੰਚਾਇਤ ਨਾਲ ਮਿਲ ਕੇ ਪੁਲੀਸ ਨੂੰ ਸੂਚਿਤ ਕਰਨ ਤੇ ਪੁਲੀਸ ਵੱਲੋਂ ਅਣਪਛਾਤੇ  ਦੋਸ਼ੀਆਂ ਖਿਲਾਫ਼ ਪਰਚਾ ਦਰਜ ਲਿਆ ਗਿਆ ਹੈ, ਪਰ ਇਹ ਦੋਸ਼ੀ ਕਿਤੇ ਅਣਪਛਾਤੇ ਹੀ ਨਾ ਰਹਿ ਜਾਣ। ਇਸ ਲਈ ਪੁਲੀਸ ਨੂੰ ਜਲਦ ਤੋਂ ਜਲਦ ਇਨ੍ਹਾਂ ਦੀ ਭਾਲ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਐਸੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ ਜੋ ਪੰਜਾਬ ਦੇ ਹਾਲਾਤ ਫਿਰ ਤੋਂ ਖਰਾਬ ਕਰਨ ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਪਾਵਨ-ਪਵਿੱਤਰ ਗ੍ਰੰਥਾਂ, ਗੁਰਬਾਣੀ ਤੇ ਗੁਟਕਿਆਂ ਤੇ ਧਾਰਮਿਕ ਪੋਥੀਆਂ ਦੀ ਬੇਅਦਬੀ ਕਰਦੇ ਨੇ ਉਨ੍ਹਾਂ ਦਾ ਕੋਈ ਦੀਨ ਧਰਮ ਨਹੀਂ ਹੁੰਦਾ। ਉਹ ਸਿਰਫ਼ ਆਪਣੇ ਨਿਜੀ ਮੁਫਾਦ ਲਈ ਐਸੀਆਂ ਕੋਝੀਆਂ ਹਰਕਤਾਂ ਨੂੰ ਅੰਜਾਮ ਦੇਂਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਾਰੇ ਧਰਮਾ ਤੇ ਪਵਿੱਤਰ ਗ੍ਰੰਥਾਂ ਦਾ ਸਤਿਕਾਰ ਕਰਦਾ ਹੈ। ਇਸ ਲਈ ਕਿਸੇ ਵੀ ਪਾਵਨ-ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਨੂੰ ਕਦਾਚਿਤ ਵੀ ਮੁਆਫ਼ ਨਹੀਂ ਕਰਨਾ ਚਾਹੀਦਾ ਤੇ ਉਸ ਤੇ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।