ਮਾਲਵੇ ਦੇ ਪਿੰਡ ਧੂੜਕੋਟ ਵਿਖੇ ਦੋ ਤੋਂ ਇਕ ਗੁਰਦੁਆਰਾ ਕਰਨ ਲਈ ਸੰਗਤ ਦਾ ਕੀਤਾ ਧੰਨਵਾਦ

ਭਾਈ ਲੌਂਗੋਵਾਲ ਨੇ ਪਿੰਡ ਮਾਨੋਚਾਹਲ ਵਿਖੇ ਗੁਰਦੁਆਰਾ ਸਾਹਿਬ ਅੰਦਰ ਹੋਏ ਝਗੜੇ ਨੂੰ ਮੰਦਭਾਗਾ ਕਰਾਰ ਦਿੱਤਾ

ਅੰਮ੍ਰਿਤਸਰ, 14 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਲਵੇ ਦੇ ਪਿੰਡ ਧੂੜਕੋਟ ਵਿਖੇ ਦੋ ਤੋਂ ਇਕ ਗੁਰਦੁਆਰਾ ਸਾਹਿਬ ਕਰਨ ਲਈ ਪਿੰਡ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ‘ਇਕ ਪਿੰਡ ਇਕ ਗੁਰਦੁਆਰਾ ਸਾਹਿਬ’ ਮੁਹਿੰਮ ਆਰੰਭੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਉਨ੍ਹਾਂ ਪਿੰਡਾਂ ਨੂੰ ਸਨਮਾਨਿਤ ਕਰੇਗੀ ਜਿਹੜੇ ਬਹੁਤੇ ਗੁਰਦੁਆਰਿਆਂ ਦੀ ਥਾਂ ਤੇ ਇਕ ਗੁਰਦੁਆਰਾ ਸਾਹਿਬ ਲਈ ਅੱਗੇ ਆਉਣਗੇ। ਭਾਈ ਲੌਂਗੋਵਾਲ ਨੇ ਇਸ ਬਾਰੇ ਸਪੱਸ਼ਟ ਕੀਤਾ ਕਿ ‘ਇਕ ਪਿੰਡ ਇਕ ਗੁਰਦੁਆਰਾ’ ਤਹਿਤ ਬਹੁਤੇ ਗੁਰਦੁਆਰਿਆਂ ਤੋਂ ਕੇਵਲ ਇਕ ਗੁਰਦੁਆਰਾ ਸਾਹਿਬ ਕਰਨ ਵਾਲੇ ਪਿੰਡਾਂ ਨੂੰ ਹੀ ਮਾਇਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੰਗਤਾਂ ਅਜਿਹਾ ਕਰਦੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਪਹਿਲਾਂ ਹੀ ਕੇਵਲ ਇਕ ਗੁਰਦੁਆਰਾ ਸਾਹਿਬ ਹੈ, ਉਨ੍ਹਾਂ ਪਿੰਡਾਂ ਦੀਆਂ ਸੰਗਤਾਂ ਦੀ ਸੋਚ ਦਾ ਸਵਾਗਤ ਹੈ ਅਤੇ ਉਨ੍ਹਾਂ ਵਲ ਵੇਖ ਕੇ ਹੋਰਨਾਂ ਪਿੰਡਾਂ ਨੂੰ ਵੀ ਪ੍ਰੇਰਣਾ ਲੈਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ, ਜਿਸ ਤੋਂ ਅਗਵਾਈ ਲੈਂਦਿਆਂ ਸਾਨੂੰ ਗੁਰੂ ਘਰਾਂ ਨੂੰ ਜਾਤ-ਪਾਤ ਦੇ ਆਧਾਰ ‘ਤੇ ਵੰਡਣਾ ਨਹੀਂ ਚਾਹੀਦਾ। ਭਾਈ ਲੌਂਗੋਵਾਲ ਨੇ ਜਾਤ ਅਧਾਰਤ ਗੁਰਦੁਆਰਾ ਸਾਹਿਬਾਨ ਦੀ ਸਥਾਪਨਾ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਇਹ ਚਲਣ ਸਿੱਖ ਸਿਧਾਂਤਾਂ ਨੂੰ ਖੋਰਾ ਲਗਾਉਣ ਵਾਲਾ ਹੈ। ਦੂਜੇ ਪਾਸੇ ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨਗੀਆਂ ਤੇ ਅਹੁਦੇਦਾਰੀਆਂ ਖ਼ਾਤਰ ਵੱਖਰੇ ਗੁਰਦੁਆਰਾ ਸਾਹਿਬ ਬਣਾਉਣੇ ਵੀ ਠੀਕ ਨਹੀਂ। ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਸਾਲਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਾਂ ਤਾਂ ਸਾਨੂੰ ਗੁਰੂ ਸਾਹਿਬ ਦੀ ਸੋਚ ‘ਤੇ ਵੀ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਨੇ ਦੇਸ਼ ਦੁਨੀਆ ਦਾ ਭਰਮਣ ਕਰਨ ਸਮੇਂ ਕੁਲ ਆਲਮ ਨੂੰ ਰੱਬੀ ਅਤੇ ਮਨੁੱਖੀ ਏਕਤਾ ਦਾ ਸੁਨੇਹਾ ਦਿੱਤਾ ਸੀ, ਪਰ ਅਸੀਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਵਿਸਾਰ ਕੇ ਵੰਡੀਆਂ ਦੇ ਰਾਹ ਤੁਰੇ ਹੋਏ ਹਾਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉਠ ਕੇ ‘ਇਕ ਪਿੰਡ ਇਕ ਗੁਰਦੁਆਰਾ’ ਮੁਹਿੰੰਮ ਨੂੰ ਬਲ ਦੇਣ ਲਈ ਅੱਗੇ ਆਉਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮਾਨੋਚਾਹਲ ਵਿਖੇ ਗੁਰਦੁਆਰਾ ਸਾਹਿਬ ਅੰਦਰ ਹੋਏ ਝਗੜੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਆਪਸੀ ਝਗੜੇ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਾਣ-ਮਰਿਯਾਦਾ ਨੂੰ ਠੇਸ ਪਹੁੰਚਾਉਣ ਵਾਲੇ ਲੋਕਾਂ ਵਿਰੁੱਧ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।