ਅਜੋਕੀ ਪੀੜ੍ਹੀ ਨੂੰ ਧਰਮ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਗਰੂਕ ਕਰਨਾ ਬੇਹੱਦ ਜ਼ਰੂਰੀ- ਪ੍ਰੋ. ਬਡੂੰਗਰ

ਸ਼੍ਰੋਮਣੀ ਕਮੇਟੀ ਨੇ ਪਾਤੜਾਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਮਾਣਾ ਫ਼ਤਹਿ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਪਾਤੜਾਂ, 21 ਸਤੰਬਰ (    ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਮਾਣਾ ਫ਼ਤਹਿ ਨੂੰ ਸਮਰਪਿਤ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ।
ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਸੰਗਤਾਂ ਅੰਦਰ ਗੁਰਮਤਿ ਸੱਭਿਆਚਾਰ ਪ੍ਰਤੀ ਚੇਤਨਾ ਪੈਦਾ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੁਚੇਤ ਯਤਨ ਆਰੰਭੇ ਗਏ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਆਿਂ ਆਖਿਆ ਕਿ ਪਾਤੜਾਂ ਦੇ ਆਸ-ਪਾਸ ਦਾ ਇਲਾਕਾ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨਾਲ ਡੂੰਘਾ ਸਬੰਧ ਰੱਖਦਾ ਹੈ। ਇਸ ਇਲਾਕੇ ਦੇ ਕਸਬਾ ਸਮਾਣਾ ਨੂੰ ਜ਼ਾਲਮ ਮੁਗਲ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਦਾ ਲਾਸਾਨੀ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪ੍ਰੋ. ਬਡੂੰਗਰ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਅਤੇ ਮਜ਼ਲੂਮਾਂ ਦੇ ਮਸੀਹਾ ਸਨ। ਉਨ੍ਹਾਂ ਆਖਿਆ ਕਿ ਬਾਬਾ ਬੰਦਾ ਬਹਾਦਰ ਵੱਲੋਂ ਦਿਖਾਈ ਗਈ ਨਿਡਰਤਾ, ਨਿਰਭੈਤਾ ਨਾਲ ਜ਼ੁਲਮ ਵਿਰੁੱਧ ਲੜੀ ਗਈ ਜੰਗ ਤੋਂ ਆਪਣੇ ਬੱਚਿਆਂ ਅਤੇ ਨੌਜੁਆਨਾਂ ਨੂੰ ਜਾਣੂੰ ਕਰਵਾਉਣ ਦੀ ਜ਼ਰੂਰਤ ਹੈ ਤਾਂ ਜੋ ਉਨ੍ਹਾਂ ਦੇ ਜੀਵਨ ਅੰਦਰ ਵੀ ਧਰਮ ਅਤੇ ਹੱਕ-ਸੱਚ ਦੀ ਰਖਵਾਲੀ ਲਈ ਸਰੋਕਾਰ ਪੈਦਾ ਹੋ ਸਕਣ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਚਣੌਤੀਆਂ ਭਰੇ ਸਮੇਂ ਅੰਦਰ ਅਜੋਕੀ ਪੀੜ੍ਹੀ ਨੂੰ ਧਰਮ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਪ੍ਰੋ. ਬਡੂੰਗਰ ਨੇ ਸੰਗਤ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਕਮੇਟੀ ਧਾਰਮਿਕ ਕਾਰਜਾਂ ਲਈ ਯਤਨਸ਼ੀਲ ਹੈ ਉਥੇ ਹੀ ਮਾਪਿਆਂ ਲਈ ਵੀ ਬਹੁਤ ਵੱਡੀ ਜ਼ੁੰਮੇਵਾਰੀ ਹੈ ਜੋ ਆਪਣੇ ਬੱਚਿਆਂ ਨੂੰ ਅਜਿਹੀ ਗਿਆਨ ਗੁੜ੍ਹਤੀ ਦੇਣ ਜਿਸ ਨਾਲ ਉਹ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਕਾਰਜਸ਼ੀਲ ਹੋ ਸਕਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਨਿਰਮਲ ਸਿੰਘ ਹਰਿਆਓ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ ਦੇ ਪ੍ਰਸੰਸਾਂ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਅੱਜ ਦੇਸ਼ ਵਿਆਪੀ ਲਹਿਰ ਬਣ ਚੁੱਕੀ ਹੈ, ਜਿਸ ਦਾ ਹਿੱਸਾ ਬਣਨ ਲਈ ਸਾਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਸਮਾਗਮ ਉਚੇਚੇ ਤੌਰ ‘ਤੇ ਪਹੁੰਚ ਲਈ ਧੰਨਵਾਦ ਵੀ ਕੀਤਾ। ਇਸ ਦੌਰਾਨ ਸ. ਨਿਰਮਲ ਸਿੰਘ ਹਰਿਆਓ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਿਰਪਾਓ, ਲੋਈ ਅਤੇ ਸ੍ਰੀ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸਮੇਤ ਸਮਾਗਮ ਵਿਚ ਹਾਜ਼ਰੀਆਂ ਭਰਨ ਵਾਲੇ ਜਥਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਉਥੇ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਸਾਨੁੰ ਸ੍ਰੀ ਗੁਰੂ ਗ੍ਰੰਥ ਸਾਹਿਬ ਵੱਲੋਂ ਦਿਖਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਭਾਈ ਮਹਿਲ ਸਿੰਘ ਚੰਡੀਗੜ੍ਹ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨਾਲ ਸਿੱਖ ਇਤਿਹਾਸ ਸਾਂਝਾ ਕੀਤਾ। ਸਮਾਗਮ ਦੌਰਾਨ ਕੀਤੇ ਗਏ ਅੰਮ੍ਰਿਤ ਸੰਚਾਰ ਵਿਚ ੨੦੦ ਦੇ ਕਰੀਬ ਪ੍ਰਾਣੀਆਂ ਵੱਲੋਂ ਅੰਮ੍ਰਿਤਪਾਨ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਨਿਰਮਲ ਸਿੰਘ ਹਰਿਆਓ, ਸ. ਜੈਪਾਲ ਸਿੰਘ ਮੰਡੀਆ, ਸ. ਬਲਵਿੰਦਰ ਸਿੰਘ ਵੈਈਂਪੂਈਂ, ਸ. ਸੁਰਜੀਤ ਸਿੰਘ ਕਾਲਾਬੁਲਾ, ਮੈਂਬਰ ਸ. ਬਲਦੇਵ ਸਿੰਘ ਖ਼ਾਲਸਾ, ਸ. ਰਾਮ ਸਿੰਘ ਬਹਿਣੀਵਾਲ, ਸ. ਪ੍ਰਗਟ ਸਿੰਘ ਸਰਾਓ ਪ੍ਰਧਾਨ ਗੁਰਦੁਆਰਾ ਕਮੇਟੀ ਪਾਤੜਾਂ, ਸ. ਮੱਖਣ ਸਿੰਘ ਲਾਲਕਾ, ਸ. ਤੇਜਾ ਸਿੰਘ ਕਮਾਲਪੁਰ, ਸ੍ਰੀ ਕਬੀਰ ਦਾਸ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਜਗੀਰ ਸਿੰਘ ਇੰਚਾਰਜ ਸਬ-ਆਫ਼ਿਸ ਤਖ਼ਤ ਸ੍ਰੀ ਦਮਦਮਾ ਸਾਹਿਬ, ਸ. ਗੁਰਪ੍ਰੀਤ ਸਿੰਘ ਰੋਡੇ ਮੈਨੇਜਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਸ. ਜੋਗਾ ਸਿੰਘ ਮੈਨੇਜਰ, ਸ. ਰਣਜੀਤ ਸਿੰਘ ਮੈਨੇਜਰ, ਸ. ਕੁਲਵਿੰਦਰ ਸਿੰਘ ਮੀਤ ਮੈਨੇਜਰ, ਸ. ਬਲਵਿੰਦਰ ਸਿੰਘ ਭੰਮਾਰਸੀ ਮੈਨੇਜਰ, ਸ. ਹਰਪਿੰਦਰ ਸਿੰਘ ਨਾਭਾ, ਸ. ਬੰਤਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।