ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

24.6.16+ਅੰਮ੍ਰਿਤਸਰ 24 ਜੂਨ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਮਹਾਨ ਜਰਨੈਲ, ਤੇਜੱਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ ਕਰਨ ਵਾਲੇ ਬਾਬਾ ਬੰਦਾ ਸਿੰਘ ਜੀ ਬਹਾਦਰ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਭਾਈ ਬਲਜੋਧ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਲਿਆ।ਉਪਰੰਤ ਸਜੇ ਦੀਵਾਨ ‘ਚ ਭਾਈ ਪੂਰਨ ਸਿੰਘ ਅਰਸ਼ੀ ਤੇ ਭਾਈ ਗੁਰਭੇਜ ਸਿੰਘ ਚਵਿੰਡਾ ਦੇ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ।
  ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਡਾ. ਰੂਪ ਸਿੰਘ ਸਕੱਤਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਕਰਕੇ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਬਦਲਾ ਲੈਂਦਿਆਂ ਸੁਤੰਤਰ ਸਿੱਖ ਰਾਜ ਦੀ ਸਥਾਪਨਾ ਕੀਤੀ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਦਾ ਸਿੱਕਾ ਚਲਾਇਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ।ਅਖੀਰ ਬਾਬਾ ਬੰਦਾ ਸਿੰਘ ਬਹਾਦਰ ਨੂੰ ਗੜ੍ਹੀ ਗੁਰਦਾਸ ਨੰਗਲ ਤੋਂ ਗ੍ਰਿਫਤਾਰ ਕਰਕੇ ਦਿੱਲੀ ਲਿਜਾਇਆ ਗਿਆ ਜਿਥੇ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੂੰ ਦੁਸ਼ਮਣ ਫੌਜ ਵੱਲੋਂ ਅਨੇਕਾਂ ਅਣਮਨੁੱਖੀ ਤਸੀਹੇ ਦਿੱਤੇ ਗਏ ਉਨ੍ਹਾਂ ਦਾ ਮਾਸ ਨੋਚ-ਨੋਚ ਕੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ਼ਹੀਦ ਹੋ ਕੇ ਵੀ ਆਪਣੇ ਧਰਮ ਤੋਂ ਮੂੰਹ ਨਹੀਂ ਮੋੜਿਆ।ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਸਾਨੂੰ ਸਿੱਖਿਆ ਲੈਂਦਿਆਂ ਖੰਡੇ ਬਾਟੇ ਦੀ ਪਾਹੁਲ (ਅੰਮ੍ਰਿਤ) ਛਕ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ।
ਇਸ ਮੌਕੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸਕੱਤਰ ਸਿੰਘ ਤੇ ਸ. ਬਲਵਿੰਦਰ ਸਿੰਘ ਮੀਤ ਸਕੱਤਰ, ਸ. ਹਰਜਿੰਦਰ ਸਿੰਘ, ਸ. ਸੁਖਰਾਜ ਸਿੰਘ ਤੇ ਸ. ਬਘੇਲ ਸਿੰਘ ਵਧੀਕ ਮੈਨੇਜਰ, ਸ. ਲਖਬੀਰ ਸਿੰਘ ਮੀਤ ਮੈਨੇਜਰ, ਸ. ਕਰਨਜੀਤ ਸਿੰਘ, ਸ. ਨਿਰਵੈਲ ਸਿੰਘ, ਸ. ਗੁਰਿੰਦਰਪਾਲ ਸਿੰਘ ਠਰੂ ਤੇ ਸ. ਮਨਿੰਦਰ ਮੋਹਣ ਸਿੰਘ ਇੰਚਾਰਜ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।