ਅੰਮ੍ਰਿਤਸਰ, 18 ਫਰਵਰੀ- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਸਾਲਾ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ (ਬਿਹਾਰ) ਵਿਖੇ ਆਯੋਜਿਤ ਕੀਤੇ ਗਏ ਵਿਸ਼ਾਲ ਗੁਰਮਤਿ ਸਮਾਗਮਾਂ ਦੇ ਸਫਲਤਾ ਪੂਰਵਕ ਸੰਪੰਨ ਹੋਣ ‘ਤੇ ਸ਼ੁਕਰਾਨਾ ਕਰਨ ਲਈ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ੧੯ ਫਰਵਰੀ ਨੂੰ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸ਼ਾਮ ਸਮੇਂ ਇਥੇ ਪੁੱਜਣ ‘ਤੇ ਉਨ੍ਹਾਂ ਦਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਕੀਤਾ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਨਿਤਿਸ਼ ਕੁਮਾਰ ਨੂੰ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਕੱਲ੍ਹ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਕੀਤੇ ਗਏ ਫੈਸਲੇ ਅਨੁਸਾਰ ਸ੍ਰੀ ਨਿਤਿਸ਼ ਕੁਮਾਰ ਦਾ ਆਉਂਦੇ ਦਿਨੀਂ ਜਲਦ ਹੀ ਵਿਸ਼ੇਸ਼ ਸਨਮਾਨ ਕਰਨ ਲਈ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ।
ਇਥੇ ਦੱਸਣਯੋਗ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਪਟਨਾ ਸਾਹਿਬ ਵਿਖੇ ਕੀਤੇ ਗਏ ਸਨ। ਇਨ੍ਹਾਂ ਸਮਾਗਮਾਂ ਸਮੇਂ ਬਿਹਾਰ ਸਰਕਾਰ ਅਤੇ ਖਾਸਕਰ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਵੱਲੋਂ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮਿਸਾਲੀ ਪ੍ਰਬੰਧ ਕੀਤੇ ਗਏ ਸਨ ਜਿਸਦੀ ਸ਼ਲਾਘਾ ਸਮੁੱਚੇ ਸਿੱਖ ਜਗਤ ਵੱਲੋਂ ਕੀਤੀ ਗਈ ਹੈ।