ਸੁਲਤਾਨਪੁਰ ਲੋਧੀ, 1 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਇਕੱਤਰਤਾ ਘਰ ਵਿਖੇ ਬੈਠਕ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਬੀਬੀ ਜਗੀਰ ਕੌਰ ਨੂੰ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿੱਦਿਆ ਦਾ ਸਬੰਧ ਸਿੱਧੇ ਤੌਰ ’ਤੇ ਮਨੁੱਖ ਦੀ ਸ਼ਖ਼ਸੀਅਤ ਉਸਾਰੀ ਨਾਲ ਜੁੜਿਆ ਹੋਇਆ ਹੈ ਅਤੇ ਹਰ ਅਧਿਆਪਕ ਦਾ ਫ਼ਰਜ਼ ਬਣਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦਾ ਨਿਰਮਾਤਾ ਬਣੇ। ਉਨ੍ਹਾਂ ਕਿਹਾ ਕਿ ਹਰ ਅਧਿਆਪਕ ਨੂੰ ਇਕ ਬੇਹਤਰ ਮਾਰਗ-ਦਰਸ਼ਕ ਵਜੋਂ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਦੀ ਜ਼ੁੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸਰਵਨ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸਹਾਇਕ ਸਿੱਖਿਆ ਡਾਇਰੈਕਟਰ ਡਾ. ਪ੍ਰਭਜੀਤ ਕੌਰ, ਪ੍ਰਿੰਸੀਪਲ ਸਤਵੰਤ ਕੌਰ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਮੌਜੂਦ ਸਨ।