ਅੰਮ੍ਰਿਤਸਰ 9 ਮਾਰਚ – ਗੁਰਮਤਿ ਫਲਸਫ਼ੇ ਦੇ ਸੋਮੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਹੱਥੀਂ ਅਭੇਦ ਹੋਏ ਅਕਾਲ ਪੁਰਖ ਦੀ ਰਜ਼ਾ ਵਿੱਚ ਅਥਾਹ ਸ਼ਰਧਾ ਰੱਖਣ ਵਾਲੇ ‘ਭਗਤ ਧੰਨਾ ਜੀ’ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੧੩ ਮਾਰਚ ਦਿਨ ਐਤਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।

ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਭਗਤ ਧੰਨਾ ਜੀ’ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੧੩ ਮਾਰਚ ਨੂੰ ਸਵੇਰੇ ੧੦ ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਸ. ਬੇਦੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੇਂ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।