ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ 20 ਅਪ੍ਰੈਲ (      ) ਕਿਰਤ ਕਰਨੀ, ਨਾਮ ਜਪਣਾ ਅਤੇ ਪ੍ਰਭੂ ‘ਤੇ ਭਰੋਸਾ ਰੱਖਣਾ ਭਗਤ ਧੰਨਾ ਜੀ ਦਾ ਸਾਰੀ ਲੋਕਾਈ ਨੂੰ ਸੰਦੇਸ਼ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਉਣ ਸਮੇਂ ਕੀਤਾ।ਉਨ੍ਹਾਂ ਭਗਤ ਧੰਨਾ ਜੀ ਦੇ ਜੀਵਨ ‘ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜਨਮ ਰਾਜਸਥਾਨ ‘ਚ ਟਾਂਕ ਦੇ ਇਲਾਕੇ ਪਿੰਡ ਧੂਆਂ ਕਲਾਂ ਵਿਖੇ ਹੋਇਆ।ਭਗਤ ਧੰਨਾ ਜੀ ਵੱਲੋਂ ਉਚਾਰਨ ਕੀਤੇ ਤਿੰਨ ਸ਼ਬਦ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜਿਨ੍ਹਾਂ ‘ਚੋਂ ੨ ਆਸਾ ਰਾਗ ਤੇ ੧ ਧਨਾਸਰੀ ਰਾਗ ਵਿੱਚ ਹੈ।ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਬਿਨਾ ਕਿਸੇ ਮੋਹ-ਮਾਇਆ ਦੇ ਇਕਾਗਰ ਚਿੱਤ ਹੋ ਕੇ ਪ੍ਰਭੂ ਨਾਲ ਜੁੜਨ ਦੀ ਸੇਧ ਦਿੰਦਾ ਹੈ।ਉਨ੍ਹਾਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਮੁਤਾਬਿਕ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੇ ਦਿਹਾੜੇ ਵੀ ਮਨਾਉਂਦੀ ਹੈ।ਉਨ੍ਹਾਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਵੀ ਦਿੱਤੀ।
ਇਸ ਤੋਂ ਪਹਿਲਾ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਪ੍ਰਗਟ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਸ. ਹਰਜਿੰਦਰ ਸਿੰਘ ਮੀਤ ਸਕੱਤਰ, ਸ. ਲਖਵਿੰਦਰ ਸਿੰਘ ਬਦੋਵਾਲ ਵਧੀਕ ਮੈਨੇਜਰ, ਸ਼੍ਰੋਮਣੀ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।