ਅੰਮ੍ਰਿਤਸਰ 29 ਜੁਲਾਈ- ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਾਈ ਕੇਹਰ ਸਿੰਘ ਅਤੇ ਭਾਈ ਦਰਬਾਰਾ ਸਿੰਘ ਖਾਲਸਾ ਨਰਸਿੰਗ ਕਾਲਜ ਪਿੰਡ ਜਰਗ, ਜ਼ਿਲ੍ਹਾ ਲੁਧਿਆਣਾ ਦਾ ਨੀਂਹ ਪੱਥਰ ੩੧ ਜੁਲਾਈ ਦਿਨ ਐਤਵਾਰ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਕਰ ਕਮਲਾਂ ਨਾਲ ਰੱਖਣਗੇ।  
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਨੂੰ ਭ੍ਰਿਸ਼ਟ ਮਹੰਤਾਂ ਦੇ ਹੱਥੋਂ ਅਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਸਿੱਖਾਂ ਵਿੱਚ ਭਾਈ ਕੇਹਰ ਸਿੰਘ ਤੇ ਉਨ੍ਹਾਂ ਦੇ ੯ ਸਾਲਾ ਪੁੱਤਰ ਸ. ਦਰਬਾਰਾ ਸਿੰਘ ਨੇ ਸ਼ਹੀਦੀ ਦਾ ਜਾਮ ਪੀਤਾ।ਉਨ੍ਹਾਂ ਕਿਹਾ ਕਿ ਗੁਰੂ ਦੇ ਸਿੱਖ ਪਾਵਨ ਅਸਥਾਨਾਂ ਦੀ ਬੇਹੁਰਮਤੀ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ ਅਤੇ ਨਾ ਹੀ ਉਨ੍ਹਾਂ ਕੁਕਰਮੀਆਂ ਨੂੰ ਬਖਸ਼ ਸਕਦੇ ਹਨ ਜੋ ਇਨ੍ਹਾਂ ‘ਤੇ ਕਾਬਜ਼ ਹੋਣ ਦੇ ਨਜਾਇਜ਼ ਇਰਾਦੇ ਰੱਖਦੇ ਹੋਣ।ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਜਰਗ ਜ਼ਿਲ੍ਹਾ ਲੁਧਿਆਣਾ ਵਿਖੇ ਖਾਲਸਾ ਨਰਸਿੰਗ ਕਾਲਜ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।