ਸ਼੍ਰੋਮਣੀ ਕਮੇਟੀ ਭਾਈ ਘਨ੍ਹੱਈਆ ਜੀ ਦੇ ਜੀਵਨ ਇਤਿਹਾਸ ਸਬੰਧੀ ਪੁਸਤਕ ਪ੍ਰਕਾਸ਼ਤ ਕਰੇਗੀ –ਭਾਈ ਲੌਂਗੋਵਾਲ
ਸੇਵਾ ਤੇ ਸਿਮਰਨ ਦੇ ਸਿਧਾਂਤ ਨੂੰ ਸਮਝਣ ਲਈ ਭਾਈ ਘਨ੍ਹੱਈਆ ਜੀ ਦਾ ਜੀਵਨ ਪ੍ਰੇਰਨਾ ਸਰੋਤ –ਗਿਆਨੀ ਗੁਰਬਚਨ ਸਿੰਘ

ਸ੍ਰੀ ਅਨੰਦਪੁਰ ਸਾਹਿਬ, ੨੦ ਸਤੰਬਰ- ਦੁਸ਼ਮਣ ਮਿੱਤਰ ਦੇ ਭੇਦ-ਭਾਵ ਤੋਂ ਉਪਰ ਉੱਠ ਕੇ ਸਭ ਨੂੰ ਸਮ-ਦ੍ਰਿਸ਼ਟੀ ਨਾਲ ਦੇਖਣ ਵਾਲੇ ਸਿੱਖ ਇਤਿਹਾਸ ਦੇ ਅਹਿਮ ਪਾਤਰ ਭਾਈ ਘਨ੍ਹੱਈਆ ਜੀ ਦੇ ਅਕਾਲ ਚਲਾਣੇ ਦੀ ੩੦੦ ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ਵਿਚ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਘਨ੍ਹੱਈਆ ਜੀ ਉੱਚ ਇਖ਼ਲਾਕੀ ਜੀਵਨ ਵਾਲੀ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਅਦੁੱਤੀ ਤੇ ਨਿਸ਼ਕਾਮ ਸੇਵਾ ਰਾਹੀਂ ਇਕ ਮਿਸਾਲ ਕਾਇਮ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱੱਲੋਂ ਭਾਈ ਘਨ੍ਹੱਈਆ ਜੀ ਦੇ ਜੀਵਨ ਇਤਿਹਾਸ ‘ਤੇ ਖੋਜ ਕਾਰਜ ਕਰਵਾ ਕੇ ਇਕ ਪੁਸਤਕ ਪ੍ਰਕਾਸ਼ਤ ਕੀਤੀ ਜਾਵੇਗੀ, ਤਾਂ ਜੋ ਆਉਣ ਵਾਲੀਆਂ ਪੜ੍ਹੀਆਂ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਸਮਝ ਕੇ ਅਗਵਾਈ ਲੈ ਸਕਣ। ਭਾਈ ਲੌਂਗੋਵਾਲ ਨੇ ਇਸ ਮੌਕੇ ਹਾਜ਼ਰ ਸੇਵਾ ਪੰਥੀ ਸੰਪਰਦਾ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਾਈ ਘਨ੍ਹੱਈਆ ਜੀ ਦੀ ਸਾਲਾਨਾ ਬਰਸੀ ਨੂੰ ਹਰ ਸਾਲ ਮਨਾਉਣ ਸਮੇਂ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਾਨੂੰ ਸੇਵਾ ਤੇ ਸਿਮਰਨ ਦੇ ਸਿਧਾਂਤ ਨੂੰ ਸਮਝਣ ਲਈ ਭਾਈ ਘਨ੍ਹੱਈਆ ਜੀ ਦਾ ਜੀਵਨ ਸਮਝਣਾ ਪਵੇਗਾ। ਉਨ੍ਹਾਂ ਸਮੁੱਚੇ ਖ਼ਾਲਸਾ ਪੰਥ ਨੂੰ ਭਾਈ ਘਨ੍ਹੱਈਆ ਜੀ ਦੇ ਜੀਵਨ ਤੋਂ ਸੇਧ ਲੈ ਕੇ ਕੌਮੀ ਇੱਕਜੁੱਟਤਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਭਾਈ ਘਨ੍ਹੱਈਆ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਮਤਿ ਜੁਗਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਾਬਕਾ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸੇਵਾ ਪੰਥੀ ਮਹੰਤ ਕਾਹਨ ਸਿੰਘ ਗੋਨੇਆਣਾ, ਮਹੰਤ ਕਰਮਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਵੀ ਸੰਗਤਾਂ ਨਾਲ ਭਾਈ ਘਨ੍ਹੱਈਆ ਜੀ ਦੀ ਘਾਲਣਾ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ, ਭਾਈ ਓਂਕਾਰ ਸਿੰਘ, ਭਾਈ ਸੰਦੀਪ ਸਿੰਘ ਅਤੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਦੱਸਣਯੋਗ ਹੈ ਕਿ ਯਮੁਨਾ ਨਗਰ ਤੋਂ ਸੇਵਾ ਪੰਥੀ ਸੰਪਰਦਾ ਵੱਲੋਂ ਬੀਤੇ ਦਿਨਾਂ ਤੋਂ ਆਰੰਭ ਕੀਤਾ ਗਿਆ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਸੂਬਿਆਂ ਦੇ ਸ਼ਹਿਰਾਂ ਨਗਰਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੰਨ ਹੋਇਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਰਣਜੀਤ ਕੌਰ ਮਾਹਲਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਦਰਸ਼ਨ ਸਿੰਘ ਪੀ.ਏ., ਨਿਹੰਗ ਜਥੇਬੰਦੀ ਬੁੱਢਾ ਦਲ ਵੱਲੋਂ ਬਾਬਾ ਜੱਸਾ ਸਿੰਘ, ਬਾਬਾ ਬਿਧੀਚੰਦ ਸੰਪ੍ਰਦਾਇ ਸੁਰਸਿੰਘ ਵੱਲੋਂ ਬਾਬਾ ਨਿਹਾਲ ਸਿੰਘ, ਬਾਬਾ ਜਰਨੈਲ ਸਿੰਘ, ਬਾਬਾ ਹਰਦੇਵ ਸਿੰਘ ਜੌਹਲਾਂ ਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਰਣਜੀਤ ਸਿੰਘ ਗੋਨੇਆਣਾ, ਬਾਬਾ ਪ੍ਰਿਤਪਾਲ ਸਿੰਘ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਜਗਦੇਵ ਸਿੰਘ ਰਿਵਾੜੀ, ਬਾਬਾ ਗਜਬ ਸਿੰਘ, ਬਾਬਾ ਮਹਿੰਦਰ ਸਿੰਘ ਦਿੱਲੀ, ਬਾਬਾ ਚਮਕੌਰ ਸਿੰਘ, ਬਾਬਾ ਕੁਲਦੀਪ ਸਿੰਘ ਪਾਉਂਟਾ ਸਾਹਿਬ, ਬਾਬਾ ਸਤਨਾਮ ਸਿੰਘ ਪਾਣੀਪਤ, ਬਾਬਾ ਵਰਿੰਦਰ ਸਿੰਘ ਮਾਛੀਵਾੜਾ, ਬਾਬਾ ਹਰਨਾਮ ਸਿੰਘ ਕਲਾਨੌਰ, ਬਾਬਾ ਜਸਕਰਨ ਸਿੰਘ, ਬਾਬਾ ਸੁੰਦਰ ਸਿੰਘ ਪਟਿਆਲਾ, ਬਾਬਾ ਜਸਪਾਲ ਸਿੰਘ ਨਿਰਮਲਕੁਟੀਆ, ਬਾਬਾ ਰਾਮ ਸਿੰਘ ਸੀਂਘਣੇ ਵਾਲੇ, ਬਾਬਾ ਸੰਤੋਖ ਸਿੰਘ, ਸ. ਹਰਜੀਤ ਸਿੰਘ, ਡਾ. ਖੁਸ਼ਹਾਲ ਸਿੰਘ, ਸ. ਹਰਦੇਵ ਸਿੰਘ, ਸ. ਰਣਬੀਰ ਸਿੰਘ, ਸ. ਜਸਬੀਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਮਾਸਟਰ ਬਲਮ ਸਿੰਘ, ਬੀਬੀ ਅਵਤਾਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਤਰਲੋਚਨ ਕੌਰ, ਮਾਤਾ ਗੁਰਚਰਨ ਕੌਰ ਸਮੇਤ ਸੰਗਤਾਂ ਮੌਜੂਦ ਸਨ।