ਅੰਮ੍ਰਿਤਸਰ, ੧੯ ਸਤੰਬਰ- ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਰੱਖਦੇ ਭਾਈ ਘਨ੍ਹੱਈਆ ਜੀ ਦੇ ੩੦੦ ਸਾਲਾ ਅਕਾਲ ਚਲਾਣਾ ਦਿਵਸ ਮੌਕੇ ੨੦ ਸਤੰਬਰ ਨੂੰ ਸਿੱਖ ਕੌਮ ਦੇ ਮਹਾਨ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਗੁਰਮਤਿ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਭਾਈ ਘਨੱ੍ਹਈਆ ਜੀ ਦੇ ਇਸ ਤ੍ਰੈ ਸ਼ਤਾਬਦੀ ਦਿਵਸ ਮੌਕੇ ਤਖਤ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ਵਿਚ ਸਜਾਏ ਜਾਣ ਵਾਲੇ ਵਿਸ਼ਾਲ ਗੁਰਮਤਿ ਸਮਾਗਮ ‘ਚ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਕਥਾ ਵਿਚਾਰਾਂ ਰਾਹੀਂ ਸੰਗਤ ਨਾਲ ਸਾਂਝ ਪਾਉਣਗੇ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ, ਭਾਈ ਉਂਕਾਰ ਸਿੰਘ, ਭਾਈ ਸੰਦੀਪ ਸਿੰਘ ਤੇ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਨਗੇ। ਇਸ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਭਾਈ ਘਨੱ੍ਹਈਆ ਜੀ ਦੇ ਜੀਵਨ ਸਬੰਧੀ ਚਾਨਣਾ ਪਾਉਣਗੀਆਂ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਮੌਕੇ ਹਾਜ਼ਰੀ ਭਰ ਕੇ ਗੁਰੂ ਜਸ ਸਰਵਣ ਕਰਨ।