ਅੰਮ੍ਰਿਤਸਰ, ੧੬ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਖੰਡ ਕੀਰਤਨੀ ਜਥੇ ਦੇ ਉੱਘੇ ਕੀਰਤਨੀਏ ਭਾਈ ਦਲਜਿੰਦਰ ਸਿੰਘ ਐਕਸੀਅਨ (ਪਟਿਆਲਾ) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਭਾਈ ਦਲਜਿੰਦਰ ਸਿੰਘ ਨੇ ਪੰਜਾਬ ਰਾਜ ਬਿਜਲੀ ਬੋਰਡ ਵਿਚ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਉਮਰ ਭਰ ਗੁਰਸਿੱਖੀ ਨੂੰ ਦ੍ਰਿੜ੍ਹਤਾ ਨਾਲ ਕਮਾਇਆ। ਉਨ੍ਹਾਂ ਕਿਹਾ ਕਿ ਭਾਈ ਦਲਜਿੰਦਰ ਸਿੰਘ ਨੇ ਅਖੰਡ ਕੀਰਤਨੀ ਜਥੇ ਵਿਚ ਕੀਰਤਨ ਦੀਆਂ ਨਿਸ਼ਕਾਮ ਤੇ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ। ਉਹ ਹਮੇਸ਼ਾ ਵਡੇਰੇ ਪੰਥਕ ਹਿੱਤਾਂ ਦੀ ਤਰਫ਼ਦਾਰੀ ਕਰਦਿਆਂ ਪੰਥ ਦੀ ਚੜ੍ਹਦੀਕਲਾ ਲਈ ਹੀ ਤਤਪਰ ਰਹੇ। ਭਾਈ ਲੌਂਗੋਵਾਲ ਨੇ ਆਖਿਆ ਕਿ ਭਾਈ ਦਲਜਿੰਦਰ ਸਿੰਘ ਦੀਆਂ ਅਖੰਡ ਕੀਰਤਨੀ ਜਥੇ ਰਾਹੀਂ ਪੰਥ ਨੂੰ ਦਿੱਤੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਭਾਈ ਦਲਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।