ਅੰਮ੍ਰਿਤਸਰ, 25 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਨਿਊ ਮੈਕਸਿਕੋ ਸੂਬੇ ਦੇ ਸਾਂਤਾ ਫੇ ਸ਼ਹਿਰ ਵਿਚ ਇੱਕ ਕਾਰੋਬਾਰੀ ਸਿੱਖ ਬਲਜੀਤ ਸਿੰਘ ਦੇ ਰੈਸਟੋਰੈਂਟ ’ਤੇ ਹਮਲਾ ਕਰਕੇ ਭੰਨਤੋੜ ਕਰਨ ਅਤੇ ਨਸਲੀ ਟਿਪਣੀਆਂ ਲਿਖਣ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਦੋਸ਼ੀਆਂ ਦਾ ਜਲਦੀ ਪਤਾ ਲਗਾ ਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਅਮਨ ਪਸੰਦ ਕੌਮ ਹੈ ਜੋ ਹਰ ਵੇਲੇ ਲੋੜਵੰਦਾਂ ਦੀ ਮਦਦ ਲਈ ਤੱਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿਚ ਵੱਸੇ ਹਨ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਉਥੋਂ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਹੈ ਅਤੇ ਅਹਿਮ ਪਦਵੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਸਮੇਂ ਸਿੱਖਾਂ ਵੱਲੋਂ ਕੀਤੀ ਗਈ ਨਿਰਸਵਾਰਥ ਸੇਵਾ ਨੂੰ ਵੀ ਪੂਰੀ ਦੁਨੀਆਂ ਨੇ ਸਰਾਹਿਆ ਹੈ। ਇਥੋਂ ਤੀਕ ਕਿ ਅਮਰੀਕਾਂ ਦੇ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨੇ ਵੀ ਸਿੱਖਾਂ ਵੱਲੋਂ ਪਾਏ ਯੋਗਦਾਨ ਦੀ ਪ੍ਰਸੰਸਾ ਕੀਤੀ ਹੈ। ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫ਼ਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਜੋ ਠੀਕ ਨਹੀਂ ਹੈ। ਉਨ੍ਹਾਂ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਅਮਰੀਕਾਂ ਸਰਕਾਰ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।