੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ੍ਰੀ ਨਵੀਨ ਪਟਨਾਇਕ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ ਕੀਤਾ ਪ੍ਰਵਾਨ
ਉੜੀਸਾ ਸਰਕਾਰ ਵੀ ਕਰਵਾਏਗੀ ਵਿਸ਼ੇਸ਼ ਗੁਰਮਤਿ ਸਮਾਗਮ


ਅੰਮ੍ਰਿਤਸਰ, ੧੯ ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਉੜੀਸਾ ਦੇ ਮੁੱਖ ਮੰਤਰੀ ਸ੍ਰੀ ਨਵੀਨ ਪਟਨਾਇਕ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਨਵੰਬਰ ਵਿਚ ਸੁਲਤਾਨਪੁਰ ਲੋਧੀ ਹੋਣ ਵਾਲੇ ਮੁੱਖ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਭਾਈ ਲੌਂਗੋਵਾਲ ਜੋ ਪਹਿਲੇ ਪਾਤਸ਼ਾਹ ਜੀ ਦੇ ਪੰਜ ਸੌ ਪੰਜਾਹਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਦੋ ਦਿਨਾ ਗੁਰਮਤਿ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਉੜੀਸਾ ਪਹੁੰਚੇ ਹਨ, ਮੁੱਖ ਮੰਤਰੀ ਨੂੰ ਉਨ੍ਹਾਂ ਦੀ ਰਿਹਾਇਸ਼ ਤੇ ਮਿਲੇ। ਇਸ ਦੌਰਾਨ ਮੁੱਖ ਮਤਰੀ ਸ੍ਰੀ ਨਵੀਨ ਪਟਨਾਇਕ ਨੇ ਜਿਥੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸੁਲਤਾਨਪੁਰ ਲੋਧੀ ਪੁੱਜਣ ਲਈ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕੀਤਾ ਉਥੇ ਹੀ ਕਿਹਾ ਕਿ ਉੜੀਸਾ ਸਰਕਾਰ ਵੱਲੋਂ ਵੀ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਗਾਮ ਕਰਵਾਇਆ ਜਾਵੇਗਾ। ਇਸ ਮੌਕੇ ਭਾਈ ਲੌਂਗੋਵਾਲ ਵੱਲੋਂ ਸ੍ਰੀ ਨਵੀਨ ਪਟਨਾਇਕ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਦਰਸ਼ਨ ਸਿੰਘ ਲੌਂਗੋਵਾਲ ਤੇ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਨੁਮਾਇੰਦੇ ਵੀ ਮੌਜੂਦ ਸਨ।