ਅੰਮ੍ਰਿਤਸਰ, 17 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਚਮਕੌਰ ਸਾਹਿਬ ਦੇ ਨਜ਼ਦੀਕੀ ਪਿੰਡ ਪਿੱਪਲ ਮਾਜਰਾ ਵਿਖੇ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਕਮੇਟੀਆਂ ਨੂੰ ਗੁਰੂ ਘਰਾਂ ਦੀ ਸੇਵਾ-ਸੰਭਾਲ ਚੇਤੰਨ ਰੂਪ ਵਿਚ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਬਿਜਲੀ ਦੇ ਸਰਕਟ ਸ਼ਾਰਟ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗਾਊਂ ਪ੍ਰਬੰਧ ਕੀਤੇ ਜਾਣ ਅਤੇ ਗੁਰੂ ਘਰਾਂ ਦੀ ਬਿਜਲੀ ਸਪਲਾਈ ਨੂੰ ਰਾਤ ਸਮੇਂ ਬੰਦ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਸੰਗਤ ਨੂੰ ਸੁਚੇਤ ਕਰਨ ਲਈ ਬਾਰ-ਬਾਰ ਅਪੀਲਾਂ ਕੀਤੀਆਂ ਜਾਂਦੀਆਂ ਹਨ, ਪਰੰਤੂ ਫਿਰ ਵੀ ਪ੍ਰਬੰਧਕੀ ਅਣਗਹਿਣੀ ਕਾਰਨ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਪ੍ਰਬੰਧਕਾਂ ਦੀ ਹੀ ਜ਼ੁੰਮੇਵਾਰੀ ਹੈ।