ਜਲ੍ਹਿਆਂਵਾਲਾ ਬਾਗ ਦੇ ਸਾਕੇ ਲਈ ਬਰਤਾਨੀਆ ਸਰਕਾਰ ਮੁਆਫੀ ਮੰਗੇ –ਭਾਈ ਲੌਂਗੋਵਾਲ

ਅੰਮ੍ਰਿਤਸਰ, 10 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨਤਾਰਨ ਜਿਲ੍ਹੇ ਵਿਚ ਪੈਂਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫਤਰ ਵਿਖੇ ਪੁੱਜੇ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਮੰਦਭਾਗੀ ਗੱਲ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਰਿਪੋਰਟ ਲਈ ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦੇ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਜਿਹਾ ਕਰਨ ਵਾਲੇ ਅਨਸਰਾਂ ਵਿਰੁਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਲ੍ਹਿਆਂ ਵਾਲੇ ਬਾਗ ਦੇ ਸਾਕੇ ਲਈ ਬਰਤਾਨੀਆ ਸਰਕਾਰ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਅਖਿਆ ਕਿ ਇਹ ਖੂਨੀ ਸਾਕਾ ਮਨੁੱਖੀ ਕਦਰਾਂ ਕੀਮਤਾਂ ਦੇ ਵਿਰੁੱਧ ਸ਼ਰਮਨਾਕ ਕਾਰਾ ਸੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਨਾਮ ਸਿੰਘ ਜੱਸਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਮੌਜੂਦ ਸਨ।