ਜ਼ਮੀਨ ‘ਚ ਅੜ੍ਹਿਕਾ ਬਣੇ ਲੋਕਾਂ ਖਿਲਾਫ਼ ਕਾਰਵਾਈ ਲਈ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, ੯ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਇਕ ਮੰਗ ਪੱਤਰ ਰਾਹੀਂ ਗੁਰਦੁਆਰਾ ਸਾਹਿਬ ਭਾਈ ਰੂਪਾ ਦੀ ੧੬੧ ਏਕੜ ਜ਼ਮੀਨ ‘ਤੇ ਕਾਸ਼ਤ ਕਰਨ ਸਮੇਂ ਵਿਘਨ ਪਾਉਣ ਵਾਲੇ ਲੋਕਾਂ ਖਿਲਾਫ਼ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਮੇਤ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਗਵਰਨਰ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਈ ਰੂਪਾ ਵਿਖੇ ੧੬੧ ਏਕੜ ਜ਼ਮੀਨ ‘ਤੇ ਸ਼੍ਰੋਮਣੀ ਕਮੇਟੀ ਨੂੰ ਕਾਸ਼ਤ ਕਰਨ ਵਿਚ ਕੁਝ ਲੋਕ ਅੜਿਕਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫੈਸਲੇ ਅਨੁਸਾਰ ਇਸ ਜ਼ਮੀਨ ਦਾ ਫੈਸਲਾ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਹੋਇਆ ਹੈ ਅਤੇ ਇਸ ਦਾ ਕਬਜ਼ਾ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਹੈ। ਪ੍ਰੰਤੂ ਪਿਛਲੇ ਸਾਲ ੨੦੧੭ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਸ਼੍ਰੋਮਣੀ ਕਮੇਟੀ ਨੂੰ ਕਾਸ਼ਤ ਕਰਨ ਤੋਂ ਰੋਕ ਦਿੱਤਾ ਗਿਆ ਸੀ। ਉਸ ਵਕਤ ਵੀ ਮਾਮਲਾ ਸ਼੍ਰੋਮਣੀ ਕਮੇਟੀ ਵੱਲੋਂ ਆਪ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਇਹ ਮਸਲਾ ਹੱਲ ਹੋ ਗਿਆ ਸੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਇਸ ਜ਼ਮੀਨ ਵਿੱਚੋਂ ੫੦ ਏਕੜ ਜ਼ਮੀਨ ‘ਤੇ ਕਾਸ਼ਤ ਕੀਤੀ ਹੋਈ ਹੈ ਅਤੇ ੧੧੧ ਏਕੜ ਜ਼ਮੀਨ ‘ਤੇ ਕਾਸ਼ਤ ਕੀਤੀ ਜਾਣੀ ਸੀ, ਜਿਸ ਵਿਚ ਫਿਰ ਕੁਝ ਸ਼ਰਾਰਤੀ ਲੋਕ ਅੜ੍ਹਿਕਾ ਬਣੇ ਹੋਏ ਹਨ। ਇਸ ਦੇ ਨਾਲ ਹੀ ਜ਼ਮੀਨ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ ੧੦ ਟਿਊਬਵੈਲ ਕੁਨੈਸ਼ਨਾਂ ਦੀ ਵੀ ਸ਼ਰਾਰਤੀ ਅਨਸਰਾਂ ਵੱਲੋਂ ਭੰਨ ਤੋੜ ਕੀਤੀ ਗਈ ਹੈ। ਭਾਈ ਲੌਂਗੋਵਾਲ ਨੇ ਸ੍ਰੀ ਬਦਨੌਰ ਤੋਂ ਮੰਗ ਕੀਤੀ ਕਿ ਰਾਜਸੀ ਸ਼ਹਿ ‘ਤੇ ਗੁਰੂ ਘਰ ਦੀ ਜ਼ਮੀਨ ਵਿਚ ਅੜ੍ਹਿਕਾ ਬਣੇ ਇਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਜਾਵੇ ਤਾਂ ਜੋ ਸ਼੍ਰੋਮਣੀ ਕਮੇਟੀ ਜ਼ਮੀਨ ਵਿਚ ਖੇਤੀ ਕਰ ਸਕੇ।