ਅੰਮ੍ਰਿਤਸਰ, 21 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਡੀ ਗੋਬਿੰਦਗੜ੍ਹ ਨਜ਼ਦੀਕ ਪਿੰਡ ਤੂਰ ਦੇ ਗੁਰਦੁਆਰਾ ਸਾਹਿਬ ਅੰਦਰ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਪ੍ਰਕਾਸ਼ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਗਹਿਰੀ ਸਾਜ਼ਿਸ਼ ਦਾ ਹਿੱਸਾ ਹੈ। ਇਸ ਘਟਨਾ ਨਾਲ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਇਸ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜ਼ਰੂਰੀ ਹੈ। ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਅੰਦਰ ਵਾਰ-ਵਾਰ ਵਾਪਰਦੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਅਜਿਹੇ ਲੋਕ ਕਿਸ ਦੀ ਸ਼ਹਿ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦੇ ਹਨ, ਦਾ ਪਤਾ ਲਗਾਇਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਸੁਚੇਤ ਰੂਪ ਵਿਚ ਸੇਵਾ ਸੰਭਾਲ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰ ਦਾ ਹੋਣਾ ਲਾਜ਼ਮੀ ਕੀਤਾ ਜਾਵੇ। ਸੰਗਤਾਂ ਵੀ ਗੁਰਦੁਆਰਾ ਸਾਹਿਬਾਨ ਅੰਦਰ ਪਹਿਰੇਦਾਰੀ ਲਈ ਸਹਿਯੋਗ ਕਰਨ।

ਭਾਈ ਲੌਂਗੋਵਾਲ ਨੇ ਪਾਕਿਸਤਾਨ ’ਚ ਗ੍ਰੰਥੀ ਸਿੰਘ ਦੀ ਲੜਕੀ ਅਗਵਾ ਕਰਨ ਦਾ ਲਿਆ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਨੂੰ ਅਗਵਾ ਕਰਨ ਦਾ ਨੋਟਿਸ ਲੈਂਦਿਆਂ ਪਾਕਿਸਤਾਨ ਵਿਚ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਸਿੱਖਾਂ ਦੀਆਂ ਲੜਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਅੰਦਰ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾ ਸਾਹਿਬ ਤੋਂ ਸਿੱਖ ਲੜਕੀ ਨੂੰ ਅਗਵਾ ਕਰਨਾ ਸਿੱਖਾਂ ਨੂੰ ਦਬਾਉਣ ਵਾਲੀ ਘਟਨਾ ਹੈ। ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਘਟਨਾ ਨੂੰ ਲੈ ਕੇ ਪਾਕਿਸਤਾਨ ਸਰਕਾਰ ਨਾਲ ਗੱਲ ਕਰੇ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਹਵਾਲੇ ਕੀਤਾ ਜਾਵੇ। ਭਾਈ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਘਟਗਿਣਤੀਆਂ ਦੀਆਂ ਸੁਰੱਖਿਆ ਸਬੰਧੀ ਵੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ।