ਅੰਮ੍ਰਿਤਸਰ, ੨੩ ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਸੁਖਚੈਨ ਸਿੰਘ ਧਰਮਪੁਰਾ ਦੇ ਅਕਾਲ ਚਾਲਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸੁਖਚੈਨ ਸਿੰਘ ਨਿੱੱਘੇ ਸੁਭਾਅ ਦੇ ਮਾਲਕ ਹੋਣ ਦੇ ਨਾਲ ਗੁਰਮਤਿ ਰਹਿਣੀ ਦੇ ਪੱਕੇ ਧਾਰਨੀ ਸਨ। ਉਨ੍ਹਾਂ ਦੀਆਂ ਧਾਰਮਿਕ ਸੇਵਾਵਾਂ ਕਰਕੇ ਉਹ ਸੰਤ ਸਮਾਜ ਦੇ ਜਨਰਲ ਸਕੱਤਰ ਦੀ ਸੇਵਾ ਵੀ ਨਿਭਾਅ ਰਹੇ ਸਨ। ਅਜਿਹੀ ਧਾਰਮਿਕ ਸ਼ਖਸੀਅਤ ਦੇ ਚਲਾਣੇ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ, ਜੋ ਪੂਰਿਆ ਨਹੀਂ ਜਾ ਸਕਦਾ। ਭਾਈ ਲੌਂਗੋਵਾਲ ਨੇ ਕਿਹਾ ਕਿ ਬਾਬਾ ਸੁਖਚੈਨ ਸਿੰਘ ਦੀਆਂ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਬਾਬਾ ਸੁਖਚੈਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਕਰਤਾ ਪੁਰਖ ਦੇ ਭਾਣੇ ਨੂੰ ਟਾਲ਼ਿਆ ਨਹੀਂ ਜਾ ਸਕਦਾ ਕਿਉਂਕਿ ਮੌਤ ਦਾ ਵਰਤਾਰਾ ਸਭ ‘ਤੇ ਲਾਗੂ ਹੁੰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਚਰਨਾਂ ‘ਚ ਨਿਵਾਸ ਬਖਸ਼ਣ। ਇਸੇ ਦੌਰਾਨ ਬਾਬਾ ਸੁਖਚੈਨ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਸਮੇਤ ਹੋਰ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਨੁਸਾਰ ਬਾਬਾ ਸੁਖਚੈਨ ਸਿੰਘ ਧਰਮਪੁਰਾ ਦੇ ਅਕਾਲ ਚਲਾਣੇ ਦੇ ਅਫਸੋਸ ਵਜੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਬਾਬਾ ਸੁਖਚੈਨ ਸਿੰਘ ਧਰਮਪੁਰਾ ਦੇ ਅੰਤਿਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ ਨੂੰ ਭੇਜਿਆ ਗਿਆ।