ਸੁਲਤਾਨਪੁਰ ਲੋਧੀ, 17 ਅਗਸਤ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਦੌਰਾਨ ਚਿੱਤਰਕਾਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨਾਲ ਸਬੰਧਤ ਬਣਾਏ ਜਾ ਰਹੇ ਚਿੱਤਰਾਂ ਨੂੰ ਨਿਹਾਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਚਿੱਤਰਕਾਰਾਂ ਦੀ ਕਲਾ ਨੂੰ ਸਲਾਹਿਆ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਭਾਈ ਲੌਂਗੋਵਾਲ ਨੇ ਆਖਿਆ ਕਿ ਇਹ ਆਪਣੀ ਕਿਸਮ ਦਾ ਇਕ ਵਿਲੱਖਣ ਯਤਨ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸਾਰੀਆਂ ਤਸਵੀਰਾਂ ਨੂੰ ਸੰਭਾਲਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਦੀ ਫੋਟੋਗ੍ਰਾਫੀ ਕਰਵਾ ਕੇ ਚਿੱਤਰ ਪ੍ਰਦਰਸ਼ਨੀ ਦੇ ਰੂਪ ਵਿਚ ਸੰਗਤ ਤੱਕ ਲਿਜਾਇਆ ਜਾਵੇਗਾ। ਦੱਸਣਯੋਗ ਹੈ ਕਿ ਬੀਤੀ ੧੫ ਅਗਸਤ ਨੂੰ ਇਸ ਚਿੱਤਰਕਲਾ ਵਰਕਸ਼ਾਪ ਦੀ ਆਰੰਭਤਾ ਕੀਤੀ ਗਈ ਸੀ, ਜਿਸ ਦੀ ਸਮਾਪਤੀ ੧੯ ਅਗਸਤ ਨੂੰ ਹੋਵੇਗੀ। ਇਸ ਵਰਕਸ਼ਾਪ ਵਿਚ ਦੇਸ਼ ਭਰ ਦੇ ੨੭ ਚਿੱਤਰਕਾਰ ਹਿੱਸਾ ਲੈ ਰਹੇ ਹਨ। ਦਿੱਤੇ ਗਏ ਵਿਸ਼ਿਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬਾਣੀ ਅਤੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਸ਼ਾਮਲ ਹਨ। ਜਿਨ੍ਹਾਂ ਅਨੁਸਾਰ ਚਿੱਤਰਕਾਰਾਂ ਵੱਲੋਂ ਤਸਵੀਰਾਂ ਸਿਰਜੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ੧੯ ਅਗਸਤ ਨੂੰ ਸਮਾਪਤੀ ਸਮਾਰੋਹ ਮੌਕੇ ਵਰਕਸ਼ਾਪ ਵਿਚ ਹਿੱਸਾ ਲੈਣ ਵਾਲੇ ਸਾਰੇ ਚਿੱਤਰਕਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਭਾਈ ਲੌਂਗੋਵਾਲ ਵੱਲੋਂ ਵਰਕਸ਼ਾਪ ਦੌਰਾਨ ਪੁੱਜਣ ਸਮੇਂ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਡਾ. ਬੀਬੀ ਓਪਿੰਦਰਜੀਤ ਕੌਰ, ਸ. ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਹਰਵਿੰਦਰ ਸਿੰਘ ਖ਼ਾਲਸਾ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਤੇਜਿੰਦਰ ਸਿੰਘ ਪੱਡਾ, ਡਾ. ਸੁਖਵਿੰਦਰ ਸਿੰਘ ਰੰਧਾਵਾ, ਸ. ਇਕਬਾਲ ਸਿੰਘ ਮੁਖੀ, ਸ. ਸਤਨਾਮ ਸਿੰਘ ਰਿਆੜ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਆਦਿ ਮੌਜੂਦ ਸਨ।