ਅੰਮ੍ਰਿਤਸਰ, 25 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ਵਿਚ ਰਹਿ ਕੇ ਹੀ ਗੁਰਬਾਣੀ ਪਾਠ ਅਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਭਲਕੇ 26 ਮਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਅਜੇ ਤੱਕ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਢਿੱਲ ਨਹੀਂ ਦਿੱਤੀ ਗਈ, ਜਿਸ ਦੇ ਚੱਲਦਿਆਂ ਸੰਗਤਾਂ ਆਪੋ-ਆਪਣੇ ਪਰਿਵਾਰਾਂ ਵਿਚ ਹੀ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ। ਗੁਰਪੁਰਬ ਨੂੰ ਸਮਰਪਿਤ ਗੁਰਬਾਣੀ ਪਾਠ ਕੀਤਾ ਜਾਵੇ ਅਤੇ ਪੰਜਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ, ਕਿਉਂਕਿ ਅਜੇ ਤੀਕ ਪੂਰੇ ਵਿਸ਼ਵ ਵਿਚ ਕੋਰੋਨਾ ਮਹਾਮਾਰੀ ਦਾ ਸੰਕਟ ਬਰਕਰਾਰ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਮਈ ਦੇ ਅਗਲੇ ਦਿਨਾਂ ਅਤੇ ਜੂਨ ਵਿਚ ਆਉਣ ਵਾਲੇ ਸਾਰੇ ਇਤਿਹਾਸਕ ਦਿਹਾੜਿਆਂ ਨੂੰ ਪਰਿਵਾਰਾਂ ਵਿਚ ਮਨਾਉਣ ਤੱਕ ਹੀ ਸੀਮਤ ਰੱਖਿਆ ਜਾਵੇ। ਇਹ ਸਾਵਧਾਨੀ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ।
ਭਾਈ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸੰਕੇਤਕ ਰੂਪ ਵਿਚ ਹੀ ਮਨਾਇਆ ਜਾਵੇਗਾ। ਇਸ ਮੌਕੇ ਭਲਕੇ 26 ਮਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਬਹੁਤਾ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਪੰਚਮ ਪਾਤਸ਼ਾਹ ਜੀ ਨਾਲ ਸਬੰਧਤ ਹੋਰਨਾਂ ਗੁਰਦੁਆਰਿਆਂ ਵਿਚ ਵੀ ਸ਼ਹੀਦੀ ਦਿਹਾੜਾ ਸੰਕੇਤਕ ਰੂਪ ਵਿਚ ਹੀ ਮਨਾਇਆ ਜਾਵੇਗਾ।