1

2-05-2015- 1ਅੰਮ੍ਰਿਤਸਰ: 2 ਮਈ () ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਣ ਉਪਰੰਤ ਪਰਿਕਰਮਾ ਕੀਤੀ ਤੇ ਸੂਚਨਾ ਅਧਿਕਾਰੀ ਸ੍ਰ: ਜਸਵਿੰਦਰ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ‘ਚ ਸਥਿਤ ਇਤਿਹਾਸਕ ਸਥਾਨਾ ਬਾਰੇ ਜਾਣਕਾਰੀ ਹਾਸਲ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ੍ਰ: ਰੂਪ ਸਿੰਘ, ਸ੍ਰ: ਮਨਜੀਤ ਸਿੰਘ ਤੇ ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਸਕੱਤਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ: ਪ੍ਰਤਾਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ, ਲੋਈ ਤੇ ਧਾਰਮਿਕ ਕਿਤਾਬਾਂ ਦਾ ਸੈਟ ਦੇ ਕੇ ਅਤੇ ਉਨ੍ਹਾਂ ਨਾਲ ਆਏ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ ਸਭ ਧਰਮਾਂ ਦੇ ਲੋਕ ਬੜੀ ਸ਼ਰਧਾ ਭਾਵਨਾ ਨਾਲ ਆਉਂਦੇ ਹਨ ਤੇ ਮ੍ਹੂੰਹ ਮੰਗੀਆਂ ਮੁਰਾਦਾਂ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਇਥੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦਾ ਆਸ਼ੀਰਵਾਦ ਲੈਣ ਲਈ ਆਇਆ ਹਾਂ। ਉਨ੍ਹਾਂ ਕਿਹਾ ਕਿ ਇਹ ਅਸਥਾਨ ਸਭ ਵਰਨਾ ਲਈ ਸਾਂਝਾ ਹੈ ਤੇ ਏਥੇ ਆ ਕੇ ਮਨ ਨੂੰ ਅਲੋਕਿਕ ਸ਼ਾਂਤੀ ਮਿਲਦੀ ਹੈ।
ਇਸ ਮੌਕੇ ਸ੍ਰ: ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸ੍ਰ: ਸੁਖਰਾਜ ਸਿੰਘ ਵਧੀਕ ਮੈਨੇਜਰ ਤੇ ਸ੍ਰ: ਸਰਬਜੀਤ ਸਿੰਘ ਆਦਿ ਹਾਜ਼ਰ ਸਨ।