ਲਾਂਘੇ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਪਾਕਿਸਤਾਨ ਸਰਕਾਰ ਵੀ ਸਹਿਯੋਗੀ ਬਣੇ -ਭਾਈ ਲੌਂਗੋਵਾਲ

ਅੰਮ੍ਰਿਤਸਰ, 22 ਨਵੰਬਰ – ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਕੀਤੀ ਗਈ ਪਹਿਲਕਦਮੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਰਵਾਂ ਸਵਾਗਤ ਕੀਤਾ ਹੈ। ਇਥੇ ਸਥਿਤ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਸਰਹੱਦ ਤੋਂ ਪਾਕਿਸਤਾਨ ਸਰਹੱਦ ਨਾਲ ਜੁੜਦੇ ਭਾਰਤੀ ਇਲਾਕੇ ਤੱਕ ਲਾਂਘਾ ਬਣਾਉਣ ਦਾ ਫੈਸਲਾ ਸਿੱਖ ਜਗਤ ਲਈ ਤਸੱਲੀ ਵਾਲਾ ਹੈ ਅਤੇ ਇਸ ਨਾਲ ਸਿੱਖਾਂ ਵੱਲੋਂ ਚਿਰਾਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋਈ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਹੁਣ ਪਾਕਿਸਤਾਨ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਭਾਰਤ ਸਰਕਾਰ ਵੱਲੋਂ ਕੀਤੇ ਫੈਸਲੇ ‘ਤੇ ਸਹਿਮਤੀ ਪ੍ਰਗਟ ਕਰਦਿਆਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸਹਿਯੋਗੀ ਬਣੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਖ਼ੁਦ ਵਫ਼ਦ ਸਮੇਤ ਪਾਕਿਸਤਾਨ ਜਾਣ ਲਈ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਚਿਰਾਂ ਤੋਂ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਸਬੰਧ ਵਿਚ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਹੋਰ ਸਬੰਧਤ ਵਿਭਾਗਾਂ ਨਾਲ ਜਿਥੇ ਲਿਖਾ-ਪੜ੍ਹੀ ਕੀਤੀ ਗਈ, ਉਥੇ ਹੀ ਨਿੱਜੀ ਤੌਰ ‘ਤੇ ਮਿਲਣੀਆਂ ਵੀ ਕੀਤੀਆਂ ਗਈਆਂ ਸਨ। ਉਨ੍ਹਾਂ ਭਾਰਤ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਹੋਈ ਹੈ। ਉਨ੍ਹਾਂ ਆਖਿਆ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ੫੫੦ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਲਈ ਇਕ ਵੱਡੀ ਖ਼ੁਸ਼ੀ ਦੀ ਖ਼ਬਰ ਹੈ, ਜਿਸ ਦੀ ਲੰਮੇ ਅਰਸੇ ਤੋਂ ਉਡੀਕ ਕੀਤੀ ਜਾ ਰਹੀ ਸੀ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੁਝਾਵਾਂ ਨੂੰ ਮੰਨਣ ਲਈ ਵੀ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੰਘੀ ੮ ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਕਮੇਟੀ ਦੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕੁਝ ਸੁਝਾਅ ਦਿੱਤੇ ਗਏ ਸਨ, ਜਿਨ੍ਹਾਂ ਨੂੰ ਭਾਰਤ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸੁਝਾਅ ਅਨੁਸਾਰ ਇੰਟਰ ਫੇਥ ਸੈਂਟਰ ਸਥਾਪਤ ਕਰਨ, ਸ੍ਰੀ ਕਰਤਾਰਪੁਰ ਸਾਹਿਬ ਦਾ ਖੁੱਲ੍ਹਾ ਲਾਂਘਾ ਦੇਣ, ਡੇਰਾ ਬਾਬਾ ਨਾਨਕ ਸਰਹੱਦ ‘ਤੇ ਹਾਈਟੈਕ ਕੈਮਰੇ ਲਗਾਉਣ, ਸੁਲਤਾਨਪੁਰ ਲੋਧੀ ਵਿਖੇ ਗੁਰੂ ਸਾਹਿਬ ਦੇ ਨਾਂ ‘ਤੇ ਪਿੰਡ ਸਥਾਪਤ ਕਰਨ, ਯੂਨੈਸਕੋ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿਸ਼ਵ ਵਿਚ ਪ੍ਰਚਾਰਨ ਅਤੇ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਦਾ ਦਰਜ਼ਾ ਦੇਣ ਨੂੰ ਪ੍ਰਵਾਨਗੀ ਦੇ ਕੇ ਕੇਂਦਰ ਨੇ ਸਿੱਖ ਸੰਸਥਾ ਨੂੰ ਵੱਡਾ ਮਾਣ ਦਿੱਤਾ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸੱਕਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਜਸਬੀਰ ਸਿੰਘ ਜੱਸੀ ਅਤੇ ਹੋਰ ਮੌਜੂਦ ਸਨ।