ਗੁਰਦੁਆਰਾ ਕਮੇਟੀਆਂ ਗੁਰੂ ਘਰਾਂ ਦੀ ਸੇਵਾ ਸੰਭਾਲ ਪ੍ਰਤੀ ਚੇਤੰਨ ਹੋਣ –ਭਾਈ ਲੌਂਗੋਵਾਲ

ਅੰਮ੍ਰਿਤਸਰ, ੨੩ ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਨੂੰ ਰੋਕਣ ਲਈ ਜਿਥੇ ਸਰਕਾਰਾਂ ਨੂੰ ਸਖਤ ਕਦਮ ਚੁੱਕਣ ਲਈ ਕਿਹਾ ਹੈ, ਉਥੇ ਹੀ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਵੀ ਗੁਰੂ ਘਰਾਂ ਦੀ ਸੇਵਾ ਸੰਭਾਲ ਲਈ ਆਪਣੀ ਜਿੰਮੇਵਾਰੀ ਚੇਤੰਨਤਾ ਨਾਲ ਨਿਭਾਉਣ ਦੀ ਅਪੀਲ ਕੀਤੀ ਹੈ। ਜਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਭੂੰਦੜ ਵਿਖੇ ਇੱਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਘਟਨਾ ਗੁਰਦੁਆਰਾ ਕਮੇਟੀ ਦੀ ਲਾਪਰਵਾਹੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਕੋਟ ਸ਼ਮੀਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਅਤੇ ਮੀਤ ਸਕੱਤਰ ਸ. ਸਿਮਰਜੀਤ ਸਿੰਘ ਤੇ ਆਧਾਰਤ ਚਾਰ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਔਰਤ ਪਾਸੋਂ ਡੂੰਘਾਈ ਨਾਲ ਪੁੱਛ ਪੜਤਾਲ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦਾ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ।

ਭਾਈ ਲੌਂਗੋਵਾਲ ਨੇ ਕਿਹਾ ਗੁਰਦੁਆਰਿਆਂ ਵਿਚ ਕਿਸੇ ਨਾ ਕਿਸੇ ਦਾ ਲਗਾਤਾਰ ਹਾਜ਼ਰ ਰਹਿਣਾ ਜਰੂਰੀ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਬਾਰ ਬਾਰ ਅਪੀਲ ਕੀਤੀ ਜਾ ਰਹੀ ਹੈ ਵੱਧ ਗੁਰਦਆਰਿਆਂ ਦੀ ਥਾਂ ਇੱਕ ਗੁਰਦੁਆਰਾ ਸਾਹਿਬ ਕਰਨ ਲਈ ਅੱਗੇ ਆਉਣ ਤਾਂ ਜੋ ਗੁਰੂ ਘਰਾਂ ਦੀ ਸੇਵਾ ਸੰਭਾਲ ਸੁਚੱਜੇ ਢੰਗ ਨਾਲ ਹੋ ਸਕੇ।