ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਲਈ ਆਤਮਕ ਹਲੂਣਾ ਅਤੇ ਰਾਹ ਦਸੇਰਾ- ਭਾਈ ਗੋਬਿੰਦ ਸਿੰਘ ਲੌਂਗੋਵਾਲ

ਸ੍ਰੀ ਫਤਹਿਗੜ੍ਹ ਸਾਹਿਬ, ੨੭ ਦਸੰਬਰ-
ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਜੋੜ-ਮੇਲ ਦੇ ਅੱਜ ਆਖਰੀ ਦਿਨ ਸਜਾਏ ਗਏ ਨਗਰ ਕੀਰਤਨ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂਆਂ ਸਮੇਤ ਧਾਰਮਿਕ, ਰਾਜਸੀ ਤੇ ਸਮਾਜਕ ਸ਼ਖਸੀਅਤਾਂ, ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ ਨੇ ਵੱਡੀ ਪੱਧਰ ‘ਤੇ ਸ਼ਮੂਲੀਅਤ ਕੀਤੀ। ਇਹ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੀਕ ਸਜਾਇਆ ਗਿਆ। ਇਸ ਤੋਂ ਪਹਿਲਾਂ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ‘ਤੇ ਚਾਨਣਾ ਪਾਇਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ, ਤਖਤ ਸਾਹਿਬਾਨ ਦੇ ਜੱਥੇਦਾਰਾਂ, ਸਿੱਖ ਸੰਪਰਦਾਵਾਂ ਦੇ ਮੁਖੀਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਜੈਕਾਰਿਆਂ ਦੀ ਗੂੰਝ ਵਿਚ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਵੱਖ-ਵੱਖ ਸਭਾ-ਸੁਸਾਇਟੀਆਂ ਨੇ ਗੁਰਬਾਣੀ ਦਾ ਜਾਪ ਕੀਤਾ ਅਤੇ ਗੱਤਕਾ ਅਖਾੜਿਆਂ ਨੇ ਜੰਗਜੂ ਜੌਹਰ ਦਿਖਾਉਂਦਿਆਂ ਸ਼ਰਧਾ ਭੇਟ ਕੀਤੀ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਧਾਰਿਮਕ ਦੀਵਾਨ ਵਿਚ ਭਾਈ ਅਜੀਤਪਾਲ ਸਿੰਘ, ਭਾਈ ਜਸਪ੍ਰੀਤ ਸਿੰਘ ਤੇ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਅਕਾਲੀ ਬਹੁਲਵਲੀਨ ਸਿੰਘ ਸ੍ਰੀ ਅਨੰਦਪੁਰ ਸਾਹਿਬ ਦੇ ਜੱਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ। ਉਪਰੰਤ ਕੀਰਤਨ ਸੋਹਿਲਾ ਦਾ ਪਾਠ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕੀਤਾ। ਸਮਾਪਤੀ ਦੀ ਅਰਦਾਸ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਪਾਲ ਸਿੰਘ ਨੇ ਲਿਆ।
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਬੋਧਨ ਕਰਦਿਆਂ ਜਿੱਥੇ ਸਮੂਹ ਸੰਗਤਾਂ ਨੂੰ ਇਸ ਸ਼ਹੀਦੀ ਜੋੜ ਮੇਲ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਅਪੀਲ ਵੀ ਕੀਤੀ ਕਿ ੭ ਤੇ ੯ ਸਾਲ ਦੀ ਉਮਰ ਦੇ ਛੋਟੇ ਸਾਹਿਬਜ਼ਾਦਿਆਂ ਵਾਂਗ ਸਾਨੂੰ ਵੀ ਉਨ੍ਹਾਂ ਦੇ ਰਾਹ ‘ਤੇ ਚੱਲਦਿਆਂ ਸਿੱਖੀ ਵਿਚ ਅਡੋਲ ਰਹਿਣਾ ਚਾਹੀਦਾ ਹੈ। ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਲਈ ਧਰਮ ਵਿਚ ਪ੍ਰਪੱਕ ਹੋਣ ਦਾ ਆਤਮਕ ਹਲੂਣਾ ਅਤੇ ਰਾਹ ਦਸੇਰਾ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਦਰਸਾਇਆ ਗਿਆ ਮਾਰਗ ਸਾਨੂੰ ਧਰਮ ਦੀ ਉੱਤਮ ਸਿਖਲਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਸਸਕਾਰ ਅਸਥਾਨ ਦੁਨੀਆਂ ਦੀ ਸਭ ਤੋਂ ਮਹਿੰਗੀ ਜਗ੍ਹਾ ਹੈ ਜੋ ਦੀਵਾਨ ਟੋਡਰ ਮੱਲ ਨੇ ਧਰਤੀ ਉਪਰ ਸੋਨੇ ਦੀਆਂ ਮੋਹਰਾਂ ਵਿਛਾ ਕੇ ਖਰੀਦੀ। ਉਨ੍ਹਾਂ ਇਸ ਪਾਵਨ ਅਸਥਾਨ ‘ਤੇ ਇੱਕਤਰ ਹੋਈਆਂ ਸੰਗਤਾਂ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਸਿੱਖੀ ਵਿਚ ਪ੍ਰਪੱਕ ਹੋਣਾ ਹੀ ਸਾਹਿਬਜ਼ਾਦਿਆਂ ਲਈ ਸੱਚੀ ਸ਼ਰਧਾ ਹੈ। ਉਨ੍ਹਾਂ ਸਮੂਹ ਧਾਰਮਿਕ ਸ਼ਖਸੀਅਤਾਂ, ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ, ਸਕੂਲਾਂ/ਕਾਲਜਾਂ ਤੇ ਪ੍ਰਸ਼ਾਸਨ ਦਾ ਇਨ੍ਹਾਂ ਸਮਾਗਮਾਂ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ। ਇਸ ਸਮੇਂ ਸਟੇਜ ਸਕੱਤਰ ਦੀ ਭੂਮਿਕਾ ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨੇ ਨਿਭਾਈ।
ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ, ਹਰੀਆਂ ਵੇਲਾਂ ਵਾਲੇ ਬਾਬਾ ਨਿਹਾਲ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਫੂਲਾ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਸ. ਹਰਪ੍ਰੀਤ ਸਿੰਘ, ਬਾਬਾ ਮੱਖਣ ਸਿੰਘ, ਬਾਬਾ ਨਾਗਰ ਸਿੰਘ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਸ. ਕਰਨੈਲ ਸਿੰਘ ਪੀਰਮੁਹੰਮਦ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ, ਸਾਬਕਾ ਸਕੱਤਰ ਸ. ਦਲਮੇਘ ਸਿੰਘ, ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਕੇਵਲ ਸਿੰਘ ਤੇ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ. ਜਸਬੀਰ ਸਿੰਘ ਸਮੇਤ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।