imagesਅੰਮ੍ਰਿਤਸਰ 1 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ੩ ਜੂਨ ੨੦੧੫ ਨੂੰ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ੩ ਜੂਨ ੨੦੧੫ ਨੂੰ ਸਵੇਰੇ ੭.੦੦ ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ।ਉਪਰੰਤ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਧੁਰ ਕੀ ਬਾਣੀ ਦੇ ਕੀਰਤਨ ਤੇ ਬੀਰ ਰਸੀ ਵਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਇਸੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਹੁਕਨਾਮੇ ਅਤੇ ਆਗਮਨ ਦੀ ਕਥਾ ਸਵੇਰੇ ੮.੦੦ ਤੋਂ ੯.੩੦ ਵਜੇ ਤੱਕ ਸਿੰਘ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਨਗੇ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਹੀ ਦਿਨ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਵੇਰੇ ੧੦.੦੦ ਤੋਂ ਰਾਤ ੧੨.੦੦ ਵਜੇ ਤੱਕ ਹੋਵੇਗਾ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਕਰਨੈਲ ਸਿੰਘ, ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਿਬੇਕਸਰ ਸਾਹਿਬ, ਭਾਈ ਪਰਮਜੀਤ ਸਿੰਘ ਪ੍ਰੇਮੀ, ਭਾਈ ਬਲਪ੍ਰੀਤ ਸਿੰਘ, ਭਾਈ ਗੁਰਇਕਬਾਲ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਹਰਵਿੰਦਰਪਾਲ ਸਿੰਘ ਤੇ ਬੀਬੀ ਪਰਮਜੀਤ ਕੌਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਬੀਬੀ ਆਸ਼ੂਪ੍ਰੀਤ ਕੌਰ, ਢਾਡੀ ਜਥਾ ਧਰਮ ਪ੍ਰਚਾਰ ਕਮੇਟੀ, ਭਾਈ ਗੁਰਵਿੰਦਰ ਸਿੰਘ ਨਿਸ਼ਕਾਮ ਸੇਵਕ ਜਥਾ, ਭਾਈ ਅਮਰਜੀਤ ਸਿੰਘ ਬਟਾਲੇ ਵਾਲੇ, ਭਾਈ ਮਨਪ੍ਰੀਤ ਸਿੰਘ, ਭਾਈ ਮਨਮੋਹਨ ਸਿੰਘ ਤੇ ਕੀਰਤਨੀ ਜਥਾ ਬੀਬੀਆਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਆਦਿ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਅਰਦਾਸ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।