25-03-2016-1ਅੰਮ੍ਰਿਤਸਰ 25 ਮਾਰਚ (        ) ਸ੍ਰ: ਮੇਹਰ ਸਿੰਘ ਇੰਚਾਰਜ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਸਮੁੱਚੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਸ. ਮੇਹਰ ਸਿੰਘ ਦੇ ਅਕਾਲ ਚਲਾਣੇ ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਮਨਜਿੰਦਰ ਸਿੰਘ ਮੰਡ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸਹੀਦ, ਸਮੁੱਚਾ ਸਟਾਫ਼ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ ਨੇ ਸਾਂਝੇ ਤੌਰ ਤੇ ਕਿਹਾ ਕਿ ਸ੍ਰ: ਮੇਹਰ ਸਿੰਘ ਨੇ ਸਾਰਾ ਜੀਵਨ ਆਪਣੇ ਜਿੰਮੇ ਲੱਗੀ ਸੇਵਾ ਨੂੰ ਨਿਸ਼ਕਾਮ ਸੇਵਾਦਾਰ ਵਜੋਂ ਨਿਭਾਇਆ।ਉਨ੍ਹਾਂ ਕਿਹਾ ਕਿ ਉਹ ਸ਼ਹੀਦ ਪ੍ਰੀਵਾਰ ਵਿਚੋਂ ਸਨ।ਜੂਨ ੧੯੮੪ ਦੇ ਘੱਲੂਘਾਰੇ ਵਿੱਚ ਉਨ੍ਹਾਂ ਦੇ ਵੱਡੇ ਭਰਾਤਾ ਸ. ਮੇਜਰ ਸਿੰਘ ਸ਼ਹੀਦ ਹੋਏ ਸਨ।ਉਨ੍ਹਾਂ ਕਿਹਾ ਕਿ ਉਹ ਜਿੱਥੇ ਗੁਰੂ ਘਰ ਦੇ ਸੇਵਕ ਸਨ ਓਥੇ ਉੱਘੇ ਸਮਾਜ ਸੇਵਕ ਵੀ ਸਨ।ਉਨ੍ਹਾਂ ਨੂੰ ਸੇਵਾ ਦੀ ਇਹ ਦਾਤ ਆਪਣੇ ਪਿਤਾ ਸ. ਹਜ਼ਾਰਾ ਸਿੰਘ ਤੋਂ ਵਿਰਾਸਤ ਵਿੱਚ ਮਿਲੀ।ਉਨ੍ਹਾਂ ਕਿਹਾ ਕਿ ਸ. ਮੇਹਰ ਸਿੰਘ ਦਾ ਜਨਮ ਪੰਥਕ ਪ੍ਰੀਵਾਰ ਵਿੱਚ ਹੋਇਆ ਤੇ ਉਨ੍ਹਾਂ ਆਪਣਾ ਸਾਰਾ ਜੀਵਨ ਪੰਥਕ ਸੇਵਾ ਦੇ ਕਾਰਜਾਂ ਵਿੱਚ ਬਤੀਤ ਕੀਤਾ।ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਸ. ਮੇਹਰ ਸਿੰਘ ਦੀ ਸੇਵਾ ਦੌਰਾਨ ਉਨ੍ਹਾਂ ਦੀ ਚਾਦਰ ਉੱਜਵਲੀ ਰੱਖੀ।ਪਰ ਅਕਾਲ ਪੁਰਖ ਨੇ ਉਨ੍ਹਾਂ ਨੂੰ ਜਵਾਨ ਉਮਰ ਵਿੱਚ ਹੀ ਆਪਣੇ ਪਾਸ ਬੁਲਾ ਲਿਆ।ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਸ. ਮੇਹਰ ਸਿੰਘ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਸ. ਮੇਹਰ ਸਿੰਘ ਦੇ ਅਕਾਲ ਚਲਾਣੇ ਤੇ ਸੋਗ ਵਜੋਂ ਬੀਤੇ ਦਿਨ ਦਫ਼ਤਰ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਬੰਦ ਰਹੇ।
ਉਨ੍ਹਾਂ ਦਾ ਅੰਤਿਮ ਸਸਕਾਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੇੜੇ ਸ਼ਮਸ਼ਾਨ ਘਾਟ ਵਿੱਚ ਸ਼ਾਮ ੪ ਵਜੇ ਕਰ ਦਿੱਤਾ ਗਿਆ।ਜਿੱਥੇ ਹਜ਼ਾਰਾਂ ਹੀ ਸੇਜ਼ਲ ਅੱਖਾਂ ਨੇ ਸ. ਮੇਹਰ ਸਿੰਘ ਨੂੰ ਆਖਰੀ ਵਿਦਾਇਗੀ ਦਿੱਤੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ: ਰੂਪ ਸਿੰਘ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਸੁਲੱਖਣ ਸਿੰਘ ਮੈਨੇਜਰ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਤੇ ਸਿਰੋਪਾਓ ਤੇ ਦੁਸ਼ਾਲਾ ਪਾਇਆ।ਸ. ਮੇਹਰ ਸਿੰਘ ਆਪਣੇ ਪਿੱਛੇ ਆਪਣੀ ਧਰਮ ਪਤਨੀ, ਦੋ ਸਪੁੱਤਰ ਕਾਕਾ ਹਰਜੀਤ ਸਿੰਘ ਤੇ ਕਾਕਾ ਗੁਰਜੀਤ ਸਿੰਘ ਛੱਡ ਗਏ।ਅੰਤਿਮ ਸਸਕਾਰ ਤੋਂ ਪਹਿਲਾਂ ਭਾਈ ਬਲਬੀਰ ਸਿੰਘ ਗ੍ਰੰਥੀ ਗੁਰਦੁਆਰਾ ਭਾਈ ਘਨਈਆ ਜੀ ਨੇ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਕੀਤੀ।ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਸਪੁੱਤਰ ਕਾਕਾ ਹਰਜੀਤ ਸਿੰਘ, ਕਾਕਾ ਗੁਰਜੀਤ ਸਿੰਘ ਤੇ ਉਨ੍ਹਾਂ ਦੇ ਭਰਾਤਾ ਸ. ਗੁਰਵਰਿਆਮ ਸਿੰਘ ਨੇ ਅਗਨ ਭੇਟ ਕੀਤਾ।ਸ. ਮੇਹਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਜੀ ਦਾ ਭੋਗ ਉਨ੍ਹਾਂ ਦੇ ਗ੍ਰਹਿ ਮਕਾਨ ਨੰਬਰ ੨੪੨, ਗਲੀ ਨੰਬਰ ੩, ਨਿਊ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਵਿਖੇ ੨ ਅਪ੍ਰੈਲ ਸ਼ਨੀਵਾਰ ਨੂੰ ਸਵੇਰੇ ੧੦ ਵਜੇ ਪੈਣਗੇ। ਉਪਰੰਤ ਭਾਈ ਸੇਵਾ ਸਿੰਘ ਹਾਲ, ਅਜੀਤ ਨਗਰ, ਸ੍ਰੀ ਅੰਮ੍ਰਿਤਸਰ ਵਿਖੇ ਦੁਪਹਿਰ ੧੨ ਤੋਂ ੨ ਵਜੇ ਤੀਕ ਧੁਰ ਕੀ ਬਾਣੀ ਦੇ ਕੀਰਤਨ ਉਪਰੰਤ ਅਰਦਾਸ ਹੋਵੇਗੀ।
ਇਸ ਮੌਕੇ ਸ੍ਰ: ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ,  ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਤਰਵਿੰਦਰ ਸਿੰਘ ਤੇ ਸ੍ਰ: ਬਲਵਿੰਦਰ ਸਿੰਘ ਮੀਤ ਸਕੱਤਰ, ਸ. ਜਸਪਾਲ ਸਿੰਘ ਮੀਤ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸਮੂਹ ਸਟਾਫ਼ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਸ. ਅਮਰਬੀਰ ਸਿੰਘ ਢੋਟ ਕੌਂਸਲਰ, ਸ਼ਬਦ ਚੌਂਕੀ ਜਥਾ ਤੇ ਜੌੜੇ ਘਰ ਸੇਵਕ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਂਬਰ ਸਾਹਿਬਾਨ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।