ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਨਾਲ ਕੀਤੀ ਇਕੱਤਰਤਾ
24-10-2015-1ਅੰਮ੍ਰਿਤਸਰ 24 ਅਕਤੂਬਰ (         ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਨਾਲ ਮੌਜੂਦਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਮੁਲਾਜਮਾਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਵਿੱਚ ਆਪਣੀ ਮਾਨਸਿਕ ਪੀੜਾ ਨੂੰ ਵਿਅਕਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਨਾਤੇ ਉਹ ਮਹਿਸੂਸ ਕਰਦੇ ਹਨ ਕਿ ਵਰਤਮਾਨ ਸਮੇਂ ਕੌਮ ਨੂੰ ਦਰਪੇਸ਼ ਸੰਕਟ ਗੰਭੀਰ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਕੌਮ ਦੇ ਅਕਸ ਨੂੰ ਢਾਅ ਲਗ ਰਹੀ ਹੈ।ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਆਪਣੇ ਜਜ਼ਬਾਤ ਕਾਬੂ ਵਿੱਚ ਰੱਖ ਕੇ ਜੋਸ਼ ਦੀ ਥਾਂ ਹੋਸ਼ ਤੋਂ ਕੰਮ ਲਿਆ ਜਾਵੇ ਅਤੇ ਸੰਜਮਮਈ ਵਰਤਾਰੇ ਨੂੰ ਉਭਾਰਨ ਦਾ ਯਤਨ ਕੀਤਾ ਜਾਵੇ।
ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਨੂੰ ਸਹਿਯੋਗੀ ਬਣ ਕੇ ਪੰਥ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਸੁਖ-ਸ਼ਾਂਤੀ ਲਈ ਯਤਨਸ਼ੀਲ ਹੋਣ ਲਈ ਕਿਹਾ।ਪੰਥ ਵਿਰੋਧੀ ਸ਼ਕਤੀਆਂ ਦੀਆਂ ਚਾਲਾਂ ਤੋਂ ਸੁਚੇਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਵਿਲੱਖਣ ਫਲਸਫੇ ਅਤੇ ਵਿਰਾਸਤੀ ਕਦਰਾਂ-ਕੀਮਤਾਂ ਦੀ ਅਮੀਰੀ ਤੋਂ ਪੰਥ ਵਿਰੋਧੀ ਵਰਗ ਹਮੇਸ਼ਾਂ ਚਕ੍ਰਿਤ ਰਿਹਾ ਹੈ ਅਤੇ ਸਿੱਖਾਂ ਨੂੰ ਚੰਗੇ-ਮਾੜੇ ਦੀ ਪਛਾਣ ਆਪ ਕਰਨੀ ਪਵੇਗੀ ਅਤੇ ਇਕਮੁੱਠ ਹੋ ਕੇ ਬਿਬੇਕ ਬੁੱਧੀ ਦੁਆਰਾ ਕੌਮੀ ਸੰਕਟ ਵਿੱਚੋਂ ਆਪ ਨਿਕਲਣਾ ਪਵੇਗਾ।ਉਨ੍ਹਾਂ ਕਿਹਾ ਕਿ ਕਿਧਰੇ ਇਹ ਨਾ ਹੋਵੇ ਕਿ ਸਮਾਂ ਲੰਘ ਜਾਵੇ ਅਤੇ ਅਸੀਂ ਵੇਖਦੇ ਰਹਿ ਜਾਈਏ।ਇਸ ਲਈ ਸਾਨੂੰ ਸਮਾਂ ਰਹਿੰਦਿਆਂ ਸੁਹਿਰਦਤਾ ਦਾ ਪੱਲਾ ਫੜਨਾ ਪਵੇਗਾ ਅਤੇ ਗੁਰੂ-ਆਸ਼ੇ ਅਨੁਸਾਰ ਸਿੱਖ ਸਮਾਜ ਦੀ ਨਿੱਗਰਤਾ ਅਤੇ ਤਰੱਕੀ ਲਈ ਵਿਚਾਰਕ ਮਤਭੇਦ ਭੁਲਾ ਕੇ ਅਮਨ-ਸ਼ਾਂਤੀ ਦਾ ਸੁਨੇਹਾ ਦੇਣਾ ਪਵੇਗਾ।ਉਨ੍ਹਾਂ ਕਿਹਾ ਕਿ ਗੁਰੂ-ਘਰ ਦੇ ਸਮੂਹ ਮੁਲਾਜਮ ਪੰਥਕ ਜਾਬਤੇ ਦਾ ਵੱਧ ਤੋਂ ਵੱਧ ਪ੍ਰਚਾਰ ਸੰਗਤਾਂ ਵਿੱਚ ਕਰਨ।
ਇਸ ਤੋਂ ਪਹਿਲਾਂ ਉਨ੍ਹ@ਾਂ ਸਮੂਹ ਰਾਗੀ, ਢਾਡੀ, ਕਵੀਸ਼ਰੀ ਜਥੇ ਤੇ ਪ੍ਰਚਾਰਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਪੰਥ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਨਾ ਸਹਾਰਨਯੋਗ ਹੈ।ਉਨ੍ਹਾਂ ਕਿਹਾ ਕਿ ਮੁਲਾਜਮਾਂ ਦੀਆਂ ਭਾਵਨਾਵਾਂ ਦੀ ਮੈਂ ਕਦਰ ਕਰਦਾ ਹਾਂ, ਪਰ ਸਾਰਿਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਅਨੇਕਾਂ ਸ਼ਹਾਦਤਾਂ ਤੋਂ ਬਾਅਦ ਹੋਂਦ ‘ਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲੱਗਣ ਤੋਂ ਬਚਾਉਣ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਜ਼ਰੂਰਤ ਹੈ ਤਾਂ ਕਿ ਪੰਥ ਦੋਖੌਆਂ ਦੀਆਂ ਘਿਨਾਉਣੀਆਂ ਕੋਸ਼ਿਸ਼ਾਂ ਨੂੰ ਠੱਲ੍ਹ ਪਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਜਦ ਪੰਥ ਤੇ ਭੀੜ ਬਣੀ ਹੈ ਤਾਂ ਪੰਥ ਦੋਖੀਆਂ ਵੱਲੋਂ ਇਸ ਸੰਸਥਾ ਨੂੰ ਤੋੜ ਕੇ ਸਰਕਾਰੀ ਹੱਥਾਂ ਵਿੱਚ ਦੇਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਗਈਆਂ ਅਤੇ ਹੁਣ ਵੀ ਇਹ ਲੋਕ ਮੌਕੇ ਦੀ ਨਜਾਕਤ ਨੂੰ ਦੇਖਦੇ ਹੋਏ ਇਸ ਦਾ ਫਾਇਦਾ ਉਠਾਉਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਮੇਰੇ ਮਨ ਵਿੱਚ ਵੀ ਓਨਾ ਰੋਸ ਤੇ ਰੋਹ ਹੈ ਜਿੰਨਾ ਤੁਹਾਡੇ ਮਨ ਵਿੱਚ ਹੈ, ਪਰ ਇਸ ਸਮੇਂ ਸਮਝਦਾਰੀ, ਏਕਤਾ, ਇਤਫਾਕ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਲੋੜ ਹੈ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ.ਮਨਜੀਤ ਸਿੰਘ ਸਕੱਤਰ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੇਵਲ ਸਿੰਘ ਤੇ ਸ. ਜਸਪਾਲ ਸਿੰਘ, ਸ. ਸਤਿੰਦਰ ਸਿੰਘ ਤੇ ਸ. ਸੁਖਵਿੰਦਰ ਸਿੰਘ ਗਰੇਵਾਲ ਨਿਜੀ ਸਹਾਇਕ, ਸ. ਪ੍ਰਤਾਪ ਸਿੰਘ ਮੈਨੇਜਰ, ਸ. ਸੰਤੋਖ ਸਿੰਘ, ਸ. ਜਗਜੀਤ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਚਰਨ ਸਿੰਘ ਤੇ ਸ. ਭੁਪਿੰਦਰਪਾਲ ਸਿੰਘ ਮੀਤ ਸਕੱਤਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਹਾਜ਼ਰ ਸੀ।