ਅੰਮ੍ਰਿਤਸਰ, ੭ ਅਗਸਤ- ਮੱਧ ਪ੍ਰਦੇਸ਼ ਦੇ ਪਿੰਡ ਪਲਸੂਦ ਜ਼ਿਲ੍ਹਾ ਬੜਵਾਨੀ ਵਿਖੇ ਗ੍ਰੰਥੀ ਪ੍ਰੇਮ ਸਿੰਘ ਖ਼ਾਲਸਾ ਦੀ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਰ੍ਹੇਆਮ ਕੀਤੀ ਗਈ ਮਾਰ ਕੁਟਾਈ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਗੁਰਸਿੱਖ ਨਾਲ ਦੁਰਵਿਹਾਰ ਅਤੇ ਕੇਸਾਂ ਦੀ ਤੌਹੀਨ ਨਾ ਬਰਦਾਸ਼ਤਯੋਗ ਹੈ। ਇਸ ਲਈ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ ਕਰੜੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਜਿਥੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਉਥੇ ਹੀ ਮਨੁੱਖਤਾ ਨੂੰ ਵੀ ਸ਼ਰਮਸ਼ਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਗਲਤੀ ਵੀ ਕੀਤੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ, ਪਰ ਦੁੱਖ ਦੀ ਗੱਲ ਹੈ ਕਿ ਕਾਨੂੰਨ ਦੇ ਰੱਖਵਾਲੇ ਹੀ ਸ਼ਰ੍ਹੇਆਮ ਕਾਨੂੰਨ ਆਪਣੇ ਹੱਥਾਂ ਵਿਚ ਲੈ ਰਹੇ ਹਨ। ਭਾਈ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਾਸੋਂ ਮੰਗ ਕੀਤੀ ਕਿ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨ ਅਨੁਸਾਰ ਕਰੜੀ ਸਜ਼ਾ ਦੇ ਕੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ।