ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ


ਅੰਮ੍ਰਿਤਸਰ, ੯ ਅਗਸਤ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਨੂੰ ਆਏ ਯੂਕ੍ਰੇਨ ਦੇ ਚਾਰ ਵਿਦਿਆਰਥੀਆਂ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖ਼ਸ਼ਿਸ਼ ਖੰਟੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ। ਇਨ੍ਹਾਂ ਚਾਰ ਵਿਦਿਆਰਥੀਆਂ ਨੂੰ ਪੰਥਕ ਪਰਿਵਾਰ ਦਾ ਅੰਗ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਹ ਵਿਦਿਆਰਥੀ ਚਾਈਨਾ ਵਿਖੇ ਸਟੱਡੀ ਕਰ ਰਹੇ ਹਨ ਅਤੇ ਗੁਰਦੁਆਰਾ ਸਾਹਿਬ ਵਿਖੇ ਪ੍ਰਸ਼ਾਦਾ ਛੱਕਣ ਸਮੇਂ ਬਹੁਤ ਪ੍ਰਭਾਵਤ ਹੋਏ। ਉਨ੍ਹਾਂ ਦਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਇਹ ਚਾਰ ਵਿਦਿਆਰਥੀ ਸ੍ਰੀ ਦਰਬਾਰ ਸਾਹਿਬ ਵਿਖੇ ਆਏ ਸਨ ਅਤੇ ਇਨ੍ਹਾਂ ਨੇ ਸਿੱਖ ਧਰਮ ਬਾਰੇ ਜਾਨਣ ਦੀ ਇੱਛਾ ਜਾਹਰ ਕੀਤੀ ਸੀ। ਇਨ੍ਹਾਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਸਕਾਲਰਾਂ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਦੇ ਅਧਿਆਪਕਾਂ ਨੇ ਗੁਰਬਾਣੀ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦਸਿਆ ਕਿ ਇਹ ਵਿਦਿਆਰਥੀ ਇਕ ਮਹੀਨੇ ਦੇ ਕਰੀਬ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਰਹੇ ਅਤੇ ਸਵੇਰ ਤੋਂ ਰਾਤ ਤੱਕ ਦੀ ਸਾਰੀ ਮਰਿਯਾਦਾ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਰਹੇ ਹਨ। ਸਿੱਖ ਧਰਮ ਬਾਰੇ ਜਾਨਣ ਮਗਰੋਂ ਇਨ੍ਹਾਂ ਨੇ ਖੁਦ ਅੰਮ੍ਰਿਤ ਛੱਕਣ ਦੀ ਇੱਛਾ ਜਾਹਰ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਅੰਮ੍ਰਿਤਪਾਨ ਕੀਤਾ। ਇਸੇ ਦੌਰਾਨ ਇਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਮਨਜੀਤ ਸਿੰਘ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਤੇ ਸ. ਜਸਵਿੰਦਰ ਸਿੰਘ ਦੀਨਪੁਰ ਮੈਨੇਜਰ ਸ੍ਰੀ ਦਰਬਾਰ ਸਾਹਿਬ ਤੇ ਸ. ਸਤਿੰਦਰ ਸਿੰਘ ਮੀਤ ਸਕੱਤਰ ਨੇ ਸਿਰਪਾਓ, ਦਸਤਾਰ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਅਮਰਜੀਤ ਕੌਰ ਇੰਚਾਰਜ਼ ਸਿੱਖ ਇਤਿਹਾਸ ਬੋਰਡ, ਪ੍ਰੋ: ਮਨਜੀਤ ਕੌਰ ਪ੍ਰਿੰਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸਕਾਲਰ ਬੀਬੀ ਰਣਜੀਤ ਕੌਰ, ਬੀਬੀ ਕਿਰਨਦੀਪ ਕੌਰ, ਸ. ਅਰਤਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।