ਅੰਮ੍ਰਿਤਸਰ, 24 ਅਪ੍ਰੈਲ- ਮਨੁੱਖਤਾ ਦੇ ਅਧਿਆਤਮਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਯੂਨੀਅਨ ਬੈਂਕ ਵੱਲੋਂ ਅੱਜ ਇਕ ਐਂਬੂਲੈਂਸ ਭੇਟ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਯੂਨੀਅਨ ਬੈਂਕ ਦੇ ਐਮ.ਡੀ. ਸ੍ਰੀ ਰਾਜ ਕਿਰਨ ਰਾਏ ਨੇ ਐਂਬੂਲੈਂਸ ਦੀਆਂ ਚਾਬੀਆਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਪਲਾਜ਼ਾ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਘਬੀਰ ਸਿੰਘ ਮੰਡ ਨੂੰ ਸੌਂਪੀਆਂ। ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਦੇ ਐਮ.ਡੀ. ਸਮੇਤ ਹੋਰ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਬੈਂਕ ਦੇ ਐਮ.ਡੀ. ਸ੍ਰੀ ਰਾਜ ਕਿਰਨ ਰਾਏ ਨੇ ਕਿਹਾ ਕਿ ਬੈਂਕ ਵੱਲੋਂ ਆਪਣੇ ਗਾਹਕਾਂ ਨੂੰ ਵਧੀਆ ਸੇਵਾਵਾਂ ਦੇਣ ਦੇ ਨਾਲ-ਨਾਲ ਸਮਾਜ ਸੇਵਾ ਲਈ ਵੀ ਹਮੇਸ਼ਾਂ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ ਨਾਲ ਅੱਜ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਐਂਬੂਲੈਂਸ ਦੀ ਸੇਵਾ ਕੀਤੀ ਗਈ ਹੈ, ਜੋ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਵਰਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਯੂਨੀਅਨ ਬੈਂਕ ਦਾ ਇਹ ਉਪਰਾਲਾ ਸੰਗਤਾਂ ਲਈ ਉਪਯੋਗੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਬੈਂਕ ਵੱਲੋਂ ਦਿੱਤੀ ਗਈ ਇਹ ਐਂਬੂਲੈਂਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਪੁੱਜਦੀਆਂ ਸੰਗਤਾਂ ਨੂੰ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਬੈਂਕ ਦੇ ਐਮ.ਡੀ. ਸ੍ਰੀ ਰਾਜ ਕਿਰਨ ਰਾਏ ਸਮੇਤ ਬੈਂਕ ਦੇ ਹੋਰਨਾਂ ਅਧਿਕਾਰੀਆਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧੰਨਵਾਦ ਵੀ ਕੀਤਾ। ਇਸ ਤੋਂ ਬਾਅਦ ਯੂਨੀਅਨ ਬੈਂਕ ਦੇ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਯੂਨੀਅਨ ਬੈਂਕ ਦੇ ਐਮ.ਡੀ. ਸ੍ਰੀ ਰਾਜ ਕਿਰਨ ਰਾਏ ਤੋਂ ਇਲਾਵਾ ਐਗਜੀਕਿਊਟਵ ਡਾਇਰੈਕਟਰ ਸ੍ਰੀ ਆਰ. ਕੇ. ਵਰਮਾ, ਸ੍ਰੀ ਏ. ਕੇ. ਗੋਇਲ ਤੇ ਸ੍ਰੀ ਵੇ. ਕੇ. ਕਥੂਰੀਆ, ਪੀ.ਆਰ.ਓ. ਐਲ.ਐਸ. ਪੁਰੀ, ਜਲੰਧਰ ਦੇ ਰਿਜ਼ਨਲ ਹੈੱਡ ਸ੍ਰੀ ਐਸ.ਕੇ. ਦਾਸ, ਲੁਧਿਆਣਾ ਦੇ ਰਿਜ਼ਨਲ ਹੈੱਡ ਸਰਦਾਰ ਐਚ.ਐਸ. ਸੰਧੂ, ਮੈਡਮ ਸੱਤਿਆਵਤੀ ਰਾਏ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸ. ਸਕੱਤਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਘਬੀਰ ਸਿੰਘ ਮੰਡ ਤੇ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਹਰਪ੍ਰੀਤ ਸਿੰਘ ਤੇ ਸੁਖਰਾਜ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਅੰਮ੍ਰਿਤਪਾਲ ਸਿੰਘ ਅਤੇ ਯੂਨੀਅਨ ਬੈਂਕ ਦੇ ਵੱਖ-ਵੱਖ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।