ਵੂਲਵਰਹੈਂਪਟਨ ਯੂਨੀਵਰਸਿਟੀ ਵੱਲੋਂ ਸਿੱਖ ਕੇਂਦਰ ਦੀ ਸਥਾਪਨਾ ਸ਼ਲਾਘਾਯੋਗ ਕਦਮ – ਭਾਈ ਲੌਂਗੋਵਾਲ

ਅੰਮ੍ਰਿਤਸਰ, 13 ਫ਼ਰਵਰੀ-
ਇੰਗਲੈਂਡ ਦੀ ਯੂਨੀਵਰਸਿਟੀ ਆਫ਼ ਵੂਲਵਰਹੈਂਪਟਨ ਦੇ ਵਾਈਸ ਚਾਂਸਲਰ ਪ੍ਰੋਫੈਸਰ ਜਿਓਫ ਲੇਅਰ ਅਤੇ ਯੂਨੀਵਰਸਿਟੀ ਦੇ ਸੈਂਟਰ ਫਾਰ ਸਿੱਖ ਐਂਡ ਪੰਜਾਬੀ ਸਟੱਡੀਜ਼ ਦੀ ਡਾਇਰੈਕਟਰ ਡਾ. ਓਪਿੰਦਰਜੀਤ ਕੌਰ ਤੱਖਰ ਨੇ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਭਾਈ ਲੌਂਗੋਵਾਲ ਨੂੰ ਯੂਨੀਵਰਸਿਟੀ ਵਿਖੇ ਖੋਲ੍ਹੇ ਗਏ ਸਿੱਖ ਕੇਂਦਰ ਬਾਰੇ ਜਾਣਕਾਰੀ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਪਾਸੋਂ ਇਸ ਦੇ ਉਥਾਨ ਲਈ ਸਹਿਯੋਗ ਮੰਗਿਆ। ਇਸ ਮੌਕੇ ਪ੍ਰੋਫੈਸਰ ਜਿਓਫ ਲੇਅਰ ਨੇ ਕਿਹਾ ਕਿ ਇੰਗਲੈਂਡ ਵਿਚ ਪੰਜਾਬੀ ਭਾਈਚਾਰਾ ਵੱਡੀ ਗਿਣਤੀ ਵਿਚ ਨਿਵਾਸ ਕਰਦਾ ਹੈ ਅਤੇ ਯੂਨੀਵਰਸਿਟੀ ਵੱਲੋਂ ਸਿੱਖ ਸੱਭਿਆਚਾਰ, ਇਤਿਹਾਸ, ਕਦਰਾਂ ਕੀਮਤਾਂ ਅਤੇ ਸਿਧਾਂਤਾਂ ਦੀ ਪੜ੍ਹਾਈ ਕਰਵਾਉਣ ਲਈ ਸਿੱਖ ਕੇਂਦਰ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਇਸ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਵੂਲਵਰਹੈਂਪਟਨ ਯੂਨੀਵਰਸਿਟੀ ਵੱਲੋਂ ਸਿੱਖ ਅਤੇ ਪੰਜਾਬੀ ਸੱਭਿਆਚਾਰ ਸਬੰਧੀ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਧਰਮ ਅਤੇ ਪੰਜਾਬੀ ਸੱਭਿਆਚਾਰ ਦਾ ਪ੍ਰਸਾਰ ਹੋ ਸਕੇਗਾ। ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਤਾਂ ਅਜਿਹੇ ਮੌਕੇ ਇੰਗਲੈਂਡ ਦੀ ਯੂਨੀਵਰਸਿਟੀ ਵੱਲੋਂ ਕੀਤਾ ਗਿਆ ਉਪਰਾਲਾ ਹੋਰ ਵੀ ਅਹਿਮ ਹੈ। ਉਨ੍ਹਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਭਾਈ ਲੌਂਗੋਵਾਲ ਅਤੇ ਡਾ. ਰੂਪ ਸਿੰਘ ਨੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸ੍ਰੀ ਦਰਬਾਰ ਸਾਹਿਬ ਸਬੰਧੀ ਜਾਣਕਾਰੀ ਦਿੰਦਾ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਯੂਨੀਵਰਸਿਟੀ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਜਸਵਿੰਦਰ ਸਿੰਘ ਜੱਸੀ, ਸ. ਦਰਸ਼ਨ ਸਿੰਘ ਪੀ.ਏ., ਸ. ਹਰਿੰਦਰ ਸਿੰਘ ਰੋਮੀ ਸਮੇਤ ਹੋਰ ਹਾਜ਼ਰ ਸਨ।